ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ, ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ, ਜੋ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ।
ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਹੈ। ਤਰਨਤਾਰਨ ਲਈ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਫਾਜ਼ਿਲਕਾ ਵਿੱਚ ਸੁਰਜੀਤ ਕੁਮਾਰ ਜਿਆਣੀ, ਥਨਕੋਟ ਵਿੱਚ ਦਿਨੇਸ਼ ਬੱਬੂ, ਫਿਰੋਜ਼ਪੁਰ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦਿਹਾਤੀ ਲਈ ਮਨਜੀਤ ਸਿੰਘ ਮਾਨਾ ਅਤੇ ਗੁਰਦਾਸਪੁਰ ਦੀ ਜ਼ਿੰਮੇਵਾਰੀ ਰਵੀ ਕਰਨ ਸਿੰਘ ਕਾਹਲੋਂ ਨੂੰ ਸੌਂਪੀ ਗਈ ਹੈ।
ਇਹ ਸਾਰੇ ਆਗੂ ਨਾ ਸਿਰਫ਼ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ, ਸਗੋਂ ਪਾਰਟੀ ਹਾਈ ਕਮਾਂਡ ਨੂੰ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਵੀ ਜਾਣੂ ਕਰਵਾਉਣਗੇ, ਤਾਂ ਜੋ ਰਾਹਤ ਸਮੱਗਰੀ ਦੀ ਪਹੁੰਚ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ। ਪਾਰਟੀ ਆਗੂ ਪਿਛਲੇ ਕੁਝ ਦਿਨਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ, ਪਰ ਹੁਣ ਹਰੇਕ ਜ਼ਿਲ੍ਹੇ ਲਈ ਵਿਸ਼ੇਸ਼ ਤੌਰ ‘ਤੇ ਇੰਚਾਰਜ ਨਿਯੁਕਤ ਕਰਕੇ ਰਾਹਤ ਕਾਰਜਾਂ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ।
ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਆਗੂਆਂ ਨੂੰ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਿਯੁਕਤੀ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਮੁਸ਼ਕਲ ਹਾਲਾਤਾਂ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਲਈ ਵਚਨਬੱਧ ਹੈ।
