ਡੇਰਾ ਬਾਬਾ ਨਾਨਕ : ਪੰਜਾਬ ਦੇ ਸਰਹੱਦੀ ਇਲਾਕੇ ‘ਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਦੇ ਖ਼ਿਲਾਫ਼ ਪੁਲਿਸ ਅਤੇ ਬੀ.ਐਸ.ਐਫ ਨੂੰ ਵੱਡੀ ਸਫ਼ਲਤਾ ਮਿਲੀ ਹੈ।
ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 27ਵੀਂ ਬਟਾਲੀਅਨ ਨੇ ਸਾਂਝੇ ਸਰਚ ਅਭਿਆਨ ਦੌਰਾਨ ਪਿੰਡ ਤਲਵੰਡੀ ਗੁਰਾਇਆ ਦੇ ਇੱਕ ਕਿਸਾਨ ਦੇ ਖੇਤ ਵਿੱਚੋਂ ਹਥਿਆਰਾਂ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਮੁਤਾਬਕ ਇਹ ਵਸਤੂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ‘ਚੋਂ 3 ਪਿਸਤੌਲ, 6 ਮੈਗਜ਼ੀਨ ਅਤੇ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਤਸਕਰਾਂ ਨੇ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ ਤੱਕ ਪਹੁੰਚਾਈ ਸੀ। ਇਸ ਬਰਾਮਦਗੀ ਨੂੰ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਹੁਣ ਇਸ ਖੇਪ ਦੇ ਪਿੱਛੇ ਸਰਗਰਮ ਤਸਕਰੀ ਨੈੱਟਵਰਕ ਅਤੇ ਇਸ ਵਿਚ ਸ਼ਾਮਲ ਲੋਕਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਕਰ ਰਹੀਆਂ ਹਨ।
