ਪੰਚਕੂਲਾ: ਆਈ.ਡੀ.ਐਫ.ਸੀ. ਫਸਟ ਬੈਂਕ ਨਾਲ ਸਬੰਧਤ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਸਾਬਕਾ ਸੀਨੀਅਰ ਅਕਾਊਂਟਸ ਅਧਿਕਾਰੀ ਸੁਰਿੰਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਗ੍ਰਿਫ਼ਤਾਰ ਆਈ.ਏ.ਐਸ. ਅਧਿਕਾਰੀ ਪ੍ਰਦੀਪ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਇਕ ਹੋਰ ਆਈ.ਏ.ਐਸ. ਅਧਿਕਾਰੀ ਰਾਮ ਕੁਮਾਰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ ਵੀ ਜਾਰੀ ਰਹੇਗੀ।
ਬੀਤੇ ਦਿਨ ਵਿਸ਼ੇਸ਼ ਅਦਾਲਤ ‘ਚ ਤਿੰਨਾਂ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਅਦਾਲਤ ਨੇ ਪ੍ਰਦੀਪ ਕੁਮਾਰ ਦੀ ਪਟੀਸ਼ਨ ‘ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ। ਇਸ ਦੇ ਨਾਲ ਹੀ ਰਾਮ ਕੁਮਾਰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਵੀ ਬਹਿਸ ਪੂਰੀ ਨਹੀਂ ਹੋ ਸਕੀ। ਇਸ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਅੱਜ ਹੋਵੇਗੀ। ਦੋਵੇਂ ਆਈ.ਏ.ਐਸ. ਇਸ ਸਮੇਂ ਜੇਲ੍ਹ ਵਿੱਚ ਹਨ।
ਇਸ ਦੌਰਾਨ ਮਾਮਲੇ ਦੀ ਜਾਂਚ ਦੌਰਾਨ ਸੀ.ਬੀ.ਆਈ. ਨੇ ਸੋਮਵਾਰ ਨੂੰ ਚੰਡੀਗੜ੍ਹ ਤੋਂ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਸੀ.ਬੀ.ਆਈ. ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਭੂਮਿਕਾ ਅਤੇ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ।










