ਨਵੀਂ ਦਿੱਲੀ: ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ 50 ਸਾਲਾ ਇੱਕ ਮਹਿਲਾ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 200 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਕਾਲ ਕਰਨ ਵਾਲੇ ਨੇ ਕਥਿਤ ਤੌਰ ’ਤੇ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਦਿਆਂ ਮਹਿਲਾ ਅਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।
ਜਾਣਕਾਰੀ ਮੁਤਾਬਕ ਮਹਿਲਾ ਨੂੰ 7 ਸਤੰਬਰ ਦੀ ਰਾਤ ਕਰੀਬ 10:44 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਕਾਲਰ ਨੇ ਦਾਅਵਾ ਕੀਤਾ ਕਿ ਉਸ ਕੋਲ ਮਹਿਲਾ ਬਾਰੇ ਪੂਰੀ ਜਾਣਕਾਰੀ ਹੈ। ਇਸ ਤੋਂ ਬਾਅਦ ਉਸ ਨੇ 200 ਕਰੋੜ ਰੁਪਏ ਦੀ ਮੰਗ ਰੱਖੀ ਅਤੇ ਪੈਸੇ ਨਾ ਦੇਣ ’ਤੇ ਮਹਿਲਾ ਅਤੇ ਉਸ ਦੇ ਪਤੀ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਸਿਵਲ ਲਾਈਨਜ਼ ਇਲਾਕੇ ਵਿੱਚ ਰਹਿੰਦੀ ਹੈ ਅਤੇ ਉੱਥੇ ਉਸ ਦੀ ਪੁਸ਼ਤੈਨੀ ਜਾਇਦਾਦ ਵੀ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕਾਲ ਅਸਲ ਵਿੱਚ ਗੋਲਡੀ ਬਰਾੜ ਵੱਲੋਂ ਕੀਤੀ ਗਈ ਸੀ ਜਾਂ ਕਿਸੇ ਵਿਅਕਤੀ ਨੇ ਡਰ ਪੈਦਾ ਕਰਨ ਅਤੇ ਪੈਸੇ ਵਸੂਲਣ ਲਈ ਉਸ ਦੇ ਨਾਮ ਦੀ ਵਰਤੋਂ ਕੀਤੀ।
ਮਾਮਲੇ ਵਿੱਚ ਦਿੱਲੀ ਪੁਲਿਸ ਨੇ 10 ਸਤੰਬਰ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 351(4), 308(4) ਅਤੇ 61(2) ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਕਾਲ ਦੇ ਸਰੋਤ ਅਤੇ ਮੁਲਜ਼ਮ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਵਿੱਚ ਇੱਕ ਕਾਰੋਬਾਰੀ ਨੂੰ ਗੋਲਡੀ ਬਰਾੜ ਦੇ ਨਾਮ ’ਤੇ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਨਵੇਂ ਮਾਮਲੇ ਵਿੱਚ 200 ਕਰੋੜ ਰੁਪਏ ਦੀ ਮੰਗ ਨੇ ਪੁਲਿਸ ਨੂੰ ਵੀ ਜਾਂਚ ਤੇਜ਼ ਕਰਨ ਲਈ ਮਜਬੂਰ ਕਰ ਦਿੱਤਾ ਹੈ।
