ਲੁਧਿਆਣਾ : ਮਹਾਨਗਰ ਵਿੱਚ ਬਿਨਾਂ ਨਕਸ਼ਾ ਪਾਸ ਕਰਵਾਏ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ਾਂ ’ਤੇ ਵੀਰਵਾਰ ਨੂੰ ਨਿਗਮ ਦੀ ਬਿਲਡਿੰਗ ਬ੍ਰਾਂਚ (ਜ਼ੋਨ-ਏ) ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵੱਡੀ ਕਾਰਵਾਈ ਕਰਦਿਆਂ 11 ਨਾਜਾਇਜ਼ ਉਸਾਰੀਆਂ ਨੂੰ ਪੀਲੇ ਪੰਜੇ (ਜੇ.ਸੀ.ਬੀ.) ਨਾਲ ਢਾਹ ਦਿੱਤਾ ਗਿਆ, ਜਦਕਿ ਇੱਕ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ। ਨਿਗਮ ਦੀ ਇਸ ਅਚਾਨਕ ਅਤੇ ਤਾਬੜਤੋੜ ਕਾਰਵਾਈ ਕਾਰਨ ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਅਤੇ ਬਿਨਾਂ ਮਨਜ਼ੂਰੀ ਉਸਾਰੀਆਂ ਕਰਨ ਵਾਲਿਆਂ ਵਿੱਚ ਹੜਕੰਪ ਮਚ ਗਿਆ ਹੈ।
ਨਗਰ ਨਿਗਮ ਦੀ ਟੀਮ ਵੱਲੋਂ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਬਾਜਵਾ ਨਗਰ, ਬਹਾਦਰਕੇ ਰੋਡ, ਨਿਊ ਆਜ਼ਾਦ ਨਗਰ, ਦੀਪ ਵਿਹਾਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਨਿਗਮ ਦੀ ਟੀਮ ਨੇ ਮੌਕੇ ’ਤੇ ਹੀ ਹੇਠ ਲਿਖੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਅਤੇ ਸੀਲ ਕੀਤਾ:
ਕਾਰਵਾਈ ਦੀ ਅਗਵਾਈ ਕਰ ਰਹੇ ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀ., ਜ਼ੋਨ-ਏ) ਨਿਰਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਇਮਾਰਤਾਂ ਅਤੇ ਦੁਕਾਨਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਦੇ ਮਾਲਕਾਂ ਨੂੰ ਨਗਰ ਨਿਗਮ ਵੱਲੋਂ ਪਹਿਲਾਂ ਹੀ ਬਕਾਇਦਾ ਚਿਤਾਵਨੀਆਂ ਅਤੇ ਕਾਨੂੰਨੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਸਨ। ਇਸ ਦੇ ਬਾਵਜੂਦ ਸਬੰਧਤ ਉਸਾਰੀਕਾਰਾਂ ਵੱਲੋਂ ਨਿਯਮਾਂ ਦੀ ਪ੍ਰਵਾਹ ਨਾ ਕਰਦਿਆਂ ਨਾਜਾਇਜ਼ ਉਸਾਰੀ ਦਾ ਕੰਮ ਲਗਾਤਾਰ ਜਾਰੀ ਰੱਖਿਆ ਗਿਆ ਸੀ। ਇਸ ਕਾਰਨ ਨਿਗਮ ਨੂੰ ਮਜਬੂਰਨ ਢਾਹੁਣ ਅਤੇ ਸੀਲਿੰਗ ਦੀ ਸਖ਼ਤ ਕਾਰਵਾਈ ਕਰਨੀ ਪਈ।
ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਅਤੇ ਬਿਲਡਰਾਂ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵਪਾਰਕ ਜਾਂ ਰਿਹਾਇਸ਼ੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਨਕਸ਼ਾ ਵਿਧੀਵਤ ਤੌਰ ’ਤੇ ਪਾਸ ਕਰਵਾਉਣਾ ਲਾਜ਼ਮੀ ਹੈ।
ਏ.ਟੀ.ਪੀ. ਨਿਰਵਾਨ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਇਹ ਮੁਹਿੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ।










