Home Canada ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਦਿਖਾਏ ਗਏ ਸਿੱਖ ਮਾਰਸ਼ਲ ਆਰਟ ਗਤਕੇ...

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਦਿਖਾਏ ਗਏ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੌਹਰ 

0

ਵੈਨਕੂਵਰ : ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਘੋੜਿਆਂ ’ਤੇ ਸਵਾਰ ਸ਼ਸਤਰਧਾਰੀ ਸਿੰਘਾਂ ਵੱਲੋਂ ਮਹੱਲਾ ਸਜਾਇਆ ਗਿਆ ਅਤੇ ਬੱਚਿਆਂ ਸਮੇਤ ਸਿੱਖ ਨੌਜਵਾਨਾਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ।

ਇਸ ਮੌਕੇ ਪੰਜ ਸਿੰਘ ਸਾਹਿਬਾਨ ਨਿਸ਼ਾਨ ਸਾਹਿਬ ਲੈ ਕੇ ਮਹੱਲੇ ਦੀ ਅਗਵਾਈ ਕਰ ਰਹੇ ਸਨ। ਮਹੱਲੇ ਦੌਰਾਨ ਕੇਸਰੀ ਨਿਸ਼ਾਨ ਸਾਹਿਬ ਅਤੇ ਦੀਵਿਆਂ ਨਾਲ ਧਾਰਮਿਕ ਮਾਹੌਲ ਸਿਰਜਿਆ ਗਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਖੁੱਲ੍ਹਾ ਗਤਕਾ ਅਖਾੜਾ ਲਗਾਇਆ ਗਿਆ, ਜਿਸ ਵਿੱਚ ਕਾਲ ਖਾਲਸਾ ਸਿੱਖ ਮਾਰਸ਼ਲ ਆਰਟ, ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਬੱਚਿਆਂ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਸਬੰਧਤ ਸਿੰਘਾਂ ਨੇ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਏ।

ਇਸ ਮੌਕੇ ਜਥੇਦਾਰ ਜਗਜੀਤ ਸਿੰਘ ਨਿੱਝਰ ਨੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਆਜ਼ਾਦੀ, ਇਨਸਾਫ਼ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਦਾ ਪ੍ਰਤੀਕ ਹੈ।

ਉਨ੍ਹਾਂ ਮੀਰੀ-ਪੀਰੀ ਦੇ ਸਿਧਾਂਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਆਤਮਿਕ ਸ਼ਕਤੀ ਦੇ ਨਾਲ-ਨਾਲ ਸਰੀਰਕ ਅਤੇ ਸੈਨਿਕ ਤੌਰ ’ਤੇ ਵੀ ਮਜ਼ਬੂਤ ਹੋਣ ਦਾ ਸੰਦੇਸ਼ ਦਿੱਤਾ ਸੀ। ਗੁਰੂ ਸਾਹਿਬ ਨੇ ਸਿੱਖਾਂ ਨੂੰ ਘੋੜੇ ਅਤੇ ਸ਼ਸਤਰ ਲੈ ਕੇ ਗੁਰੂ ਘਰ ਆਉਣ ਦੀ ਪ੍ਰੇਰਨਾ ਦਿੱਤੀ ਸੀ। ਇਸੇ ਪਰੰਪਰਾ ਨੂੰ ਅੱਗੇ ਤੋਰਦਿਆਂ ਮਹੱਲੇ ਅਤੇ ਸ਼ਸਤਰ ਵਿੱਦਿਆ ਦੇ ਪ੍ਰਦਰਸ਼ਨ ਕਰਵਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਹੁਕਮਾਂ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਸ਼ਸਤਰ ਵਿੱਦਿਆ ਅਤੇ ਗਤਕੇ ਦੀ ਸਿਖਲਾਈ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਇਸ ਸਮਾਗਮ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਵਲੰਟੀਅਰਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ

NO COMMENTS

LEAVE A REPLY

Please enter your comment!
Please enter your name here

Exit mobile version