ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਫਸਲ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਤੇ ਜ਼ਿਲ੍ਹਾ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੋਂ ਬਾਅਦ ਝੋਨੇ ਦੀ ਸਹੀ ਅਤੇ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਝੋਨੇ ਦੀ ਆਮਦ ਵਧੇਗੀ, ਇਸ ਲਈ ਖਰੀਦੇ ਗਏ ਝੋਨੇ ਦੀ ਲਿਫਟਿੰਗ ਵਿੱਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ। ਡਾ. ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 64,931 ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿੱਚੋਂ 61,397 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 20,033 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 23,019 ਮੀਟ੍ਰਿਕ ਟਨ, ਪਨਸਪ ਵੱਲੋਂ 12,992 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4,799 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 479 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 75 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ ਉਨ੍ਹਾਂ ਨੇ ਦੱਸਿਆ ਕਿ ਖਰੀਦੇ ਗਏ ਧਾਨ ਲਈ ਕਿਸਾਨਾਂ ਨੂੰ 144 ਕਰੋੜ ਰੁਪਏ ਦਾ ਭੁਗਤਾਨ ਯਕੀਨੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਦੀ ਵਚਨਬੱਧਤਾ ਨੂੰ ਦੋਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਧਾਨ ਦੀ ਖਰੀਦ ਸੀਜਨ ਨੂੰ ਨਿਰਬਾਧ ਅਤੇ ਉਚਿਤ ਢੰਗ ਨਾਲ ਪੂਰਾ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਸਾਨਾਂ ਤੋਂ ਮੰਡੀਆਂ ਵਿੱਚ ਸੁੱਕਾ ਧਾਨ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਮਾਤਰਾ ਦੇ ਅਨੁਸਾਰ ਹੀ ਧਾਨ ਮੰਡੀ ਵਿੱਚ ਲਿਆਇਆ ਜਾਵੇ, ਤਾਕਿ ਧਾਨ ਦੀ ਖਰੀਦ ਨਿਰਬਾਧ ਢੰਗ ਨਾਲ ਹੋ ਸਕੇ।
