ਮੋਗਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਵੱਛ ਪੰਜਾਬ ਮੁਹਿੰਮ’ ਦਾ ਦਾਇਰਾ ਹੋਰ ਵਧਾਇਆ ਗਿਆ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਮੋਗਾ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਮੁਹਿੰਮਾਂ ਅਤੇ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਫ਼ਾਈ ਵਿਵਸਥਾ, ਕੂੜੇ ਦਾ ਸੁਚੱਜਾ ਪ੍ਰਬੰਧ, ਜਨਤਕ ਥਾਵਾਂ ਦੀ ਸਫ਼ਾਈ, ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਵੱਖ-ਵੱਖ ਕੂੜਾ ਇਕੱਠਾ ਕਰਨ ਅਤੇ ਇਸ ਦੇ ਨਿਪਟਾਰੇ ਸਮੇਤ ਮੁਹਿੰਮ ਤਹਿਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ‘ਸਵੱਛ ਪੰਜਾਬ ਮੁਹਿੰਮ’ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਰੱਖਣ ਦੀ ਬਜਾਏ ਇਸ ਨੂੰ ਲੋਕ ਲਹਿਰ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਮਾਹੌਲ ਸਿਰਜਣ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਥਾਨਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵੱਛਤਾ ਨੂੰ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਮੁਹਿੰਮ ਦਾ ਘੇਰਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਆਦਤ ਪਾਉਣਾ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸਬੰਧੀ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਜਿੱਥੇ ਵੀ ਜਨਤਕ ਥਾਵਾਂ ‘ਤੇ ਕੂੜਾ ਇਕੱਠਾ ਹੋਣ ਜਾਂ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦੀ ਘਾਟ ਦੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਆਪੋ-ਆਪਣੇ ਵਿਭਾਗਾਂ ਅਧੀਨ ਕੀਤੇ ਜਾ ਰਹੇ ਸਫ਼ਾਈ ਕਾਰਜਾਂ ਅਤੇ ਭਵਿੱਖ ਦੀ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੱਤੀ।












