ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਬੀਤੇ ਦਿਨ 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਟੇਡੀਅਮ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗ ਸੌਪੇ ਗਏ ਕਾਰਜਾਂ/ਜ਼ਿੰਮੇਵਾਰੀਆਂ ਸਮੇਂ ਰਹਿੰਦੇ ਪੂਰੀਆਂ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਸਹੀ ਢੰਗ ਨਾਲ ਸੰਪੂਰਨ ਕੀਤਾ ਜਾ ਸਕੇ।
ਵਾਲੀਆ ਨੇ ਕਿਹਾ ਕਿ, ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਪ੍ਰਬੰਧ, ਸੁਚਾਰੂ ਪ੍ਰਵੇਸ਼, ਪਾਰਕਿੰਗ ਅਤੇ ਆਵਾਜਾਈ ਦੇ ਪ੍ਰਬੰਧ ਪਹਿਲਾਂ ਤੋਂ ਹੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਅਤੇ ਮੁੱਖ ਚੌਰਾਹਿਆਂ ‘ਤੇ ਸਾਫ਼-ਸਫ਼ਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸਾਂ ਆਦਿ ਦੀ ਤਾਇਨਾਤੀ ਸਮੇਤ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹਾਂ ਦੇ ਦੌਰਾਨ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸਮੂਹਿਕ ਪੀਟੀ ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਇਸ ਤੋਂ ਇਲਾਵਾ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ, ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਸੇਵਾਵਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖਰੀਆਂ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਰਾਸ਼ਟਰੀ ਮਹੱਤਵ ਦੇ ਇਸ ਸਮਾਰੋਹ ਨੂੰ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਸ਼ਿੱਦਤ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਬਿਹਤਰ ਆਪਸੀ ਤਾਲਮੇਲ ਨਾਲ ਸਮੁੱਚੇ ਬੰਦੋਬਸਤ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਪ੍ਰਬੰਧਾਂ ਦੇ ਪੱਖੋਂ ਕੋਈ ਕਮੀ ਨਾ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਵੀ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ ਸ਼ੁਭੀ ਅੰਗਰਾ ਅਤੇ ਸ਼ਾਇਰੀ ਮਲਹੋਤਰਾ ਤੋਂ ਇਲਾਵਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
