ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਬੀਤੇ ਦਿਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ। ਇਸ ਮੌਕੇ ਦੋਵਾਂ ਵਿਚਾਲੇ ਮੁਲਾਕਾਤ ਹੋਈ। ਕੇਵਲ ਸਿੰਘ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ‘ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਬਾਬਾ ਜੀ ਦਾ ਆਸ਼ੀਰਵਾਦ ਮਿਲਣ ‘ਤੇ ਖੁਸ਼ੀ ਪ੍ਰਗਟਾਈ।
ਆਪਣੀ ਪੋਸਟ ਵਿੱਚ ਕੇਵਲ ਸਿੰਘ ਢਿੱਲੋਂ ਨੇ ਲਿਖਿਆ ਕਿ ਬਾਬਾ ਜੀ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਆਸ਼ੀਰਵਾਦ ਉਨ੍ਹਾਂ ਲਈ ਸਭ ਤੋਂ ਵੱਡੀ ਬਖ਼ਸ਼ਿਸ਼ ਹੈ।
2027 ਦੀਆਂ ਚੋਣਾਂ ਲਈ ਭਾਜਪਾ ਨੇ ਬਣਾਈਆਂ ਦੋ ਅਹਿਮ ਕਮੇਟੀਆਂ
ਇਸ ਦੌਰਾਨ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੀਆਂ ਦੋ ਅਹਿਮ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੂਬਾ ਮੈਨੀਫੈਸਟੋ ਕਮੇਟੀ ਅਤੇ ਸੂਬਾ ਚਾਰਜਸ਼ੀਟ ਕਮੇਟੀ ਸ਼ਾਮਲ ਹਨ।
ਸੂਬਾ ਮੈਨੀਫੈਸਟੋ ਕਮੇਟੀ ਦੀ ਅਗਵਾਈ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਕਰਨਗੇ। 13 ਮੈਂਬਰੀ ਇਸ ਕਮੇਟੀ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਅਤੇ ਐਡਵੋਕੇਟ ਐਚ.ਐਸ. ਫੂਲਕਾ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਕਮੇਟੀ ਪੰਜਾਬ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਅਤੇ ਵਿਜ਼ਨ ਡਾਕੂਮੈਂਟ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ।
ਸੁਨੀਲ ਜਾਖੜ ਨੂੰ ਸੌਂਪੀ ਚਾਰਜਸ਼ੀਟ ਕਮੇਟੀ ਦੀ ਕਮਾਨ
ਦੂਜੀ ਅਹਿਮ ਕਮੇਟੀ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤੀ ਗਈ ਹੈ। ਉਨ੍ਹਾਂ ਨੂੰ ਸੂਬਾ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ 14 ਮੈਂਬਰੀ ਕਮੇਟੀ ਵਿੱਚ ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐਸ.ਐਸ. ਚੰਨੀ ਅਤੇ ਜਗਮੀਤ ਸਿੰਘ ਬਰਾੜ ਨੂੰ ਮੈਂਬਰ ਬਣਾਇਆ ਗਿਆ ਹੈ।
ਇਹ ਕਮੇਟੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ਨਾਲ ਸਬੰਧਤ ਮੁੱਦਿਆਂ ਅਤੇ ਕਮੀਆਂ ਨੂੰ ਇਕੱਠਾ ਕਰਕੇ ਚਾਰਜਸ਼ੀਟ ਤਿਆਰ ਕਰੇਗੀ। ਇਸ ਨੂੰ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸਰਕਾਰ ਨੂੰ ਘੇਰਨ ਦੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਇਨ੍ਹਾਂ ਦੋਵਾਂ ਕਮੇਟੀਆਂ ਦਾ ਗਠਨ ਕਰਨਾ ਸੂਬੇ ਵਿੱਚ ਪਾਰਟੀ ਦੀਆਂ ਤਿਆਰੀਆਂ ਨੂੰ ਦਰਸਾਉਂਦਾ ਹੈ। ਹੁਣ ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਆਪਣਾ ਚੋਣ ਮਨੋਰਥ ਪੱਤਰ ਅਤੇ ਸਰਕਾਰ ਵਿਰੁੱਧ ਚਾਰਜਸ਼ੀਟ ਕਦੋਂ ਲੋਕਾਂ ਸਾਹਮਣੇ ਰੱਖਦੀ ਹੈ।
