ਪੰਜਾਬ : ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਦੇਸ਼ ਦੇ ਵੱਕਾਰੀ ਨਾਗਰਿਕ ਸਨਮਾਨਾਂ ‘ਚੋਂ ਇਕ ‘ਪਦਮਸ਼੍ਰੀ’ ਨਾਲ ਸਨਮਾਨਿਤ ਕੀਤਾ ਗਿਆ ਹੈ। ਸੰਤ ਨਿਰੰਜਨ ਦਾਸ ਜੀ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕੀਤੀ।
ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਜੀ ਅੱਜ ਨਵੀਂ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪਰਤ ਆਏ। ਇਸ ਦੌਰਾਨ ਏਅਰਪੋਰਟ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਏਅਰਪੋਰਟ ‘ਤੇ ਪਹੁੰਚੇ ਸਮਰਥਕਾਂ ਅਤੇ ਸਾਥੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿ ਲਿਆ। ਉਨ੍ਹਾਂ ਨੇ ਸੰਤ ਨਿਰੰਜਰ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਤੁਹਾਨੂੰ ਦੱਸ ਦੇਈਏ ਕਿ ਸੰਤ ਨਿਰੰਜਨ ਦਾਸ ਜੀ ਨੂੰ ਇਹ ਸਨਮਾਨ ਸਮਾਜ ਸੇਵਾ, ਮਾਨਵਤਾ ਅਤੇ ਸਮਾਜਕ ਉੱਨਤੀ ਦੇ ਖੇਤਰ ਵਿੱਚ ਉਨ੍ਹਾਂ ਦੇ ਲੰਮੇ ਯੋਗਦਾਨ ਲਈ ਦਿੱਤਾ ਗਿਆ ਹੈ। ਇਸ ਸਨਮਾਨ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਨਾਲ ਜੁੜੀਆਂ ਲੱਖਾਂ ਸੰਗਤਾਂ ਅਤੇ ਪੰਜਾਬ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਸੰਤ ਨਿਰੰਜਨ ਦਾਸ ਜੀ ਲੰਮੇ ਸਮੇਂ ਤੋਂ ਸਮਾਜ ਸੇਵਾ, ਮਾਨਵ ਕਲਿਆਣ ਅਤੇ ਧਾਰਮਿਕ-ਸਮਾਜਿਕ ਚੇਤਨਾ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਡੇਰਾ ਸੱਚਖੰਡ ਬੱਲਾਂ ਰਾਹੀਂ ਉਨ੍ਹਾਂ ਨੇ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਭਲਾਈ, ਸਿੱਖਿਆ, ਸੇਵਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹੀ ਕਾਰਨ ਹੈ ਕਿ ਉਸ ਦੇ ਯੋਗਦਾਨ ਨੂੰ ਰਾਸ਼ਟਰੀ ਪੱਧਰ ‘ਤੇ ਸਨਮਾਨਿਤ ਕੀਤਾ ਗਿਆ ਹੈ।












