ਚੰਡੀਗੜ੍ਹ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ। ਸਹੁੰ ਚੁੱਕ ਸਮਾਗਮ ਅੱਜ ਸਵੇਰੇ 9:30 ਵਜੇ ਪੰਜਾਬ ਰਾਜ ਭਵਨ ਵਿਖੇ ਹੋਇਆ।
ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦੀ ਸੀ। ਮੀਟਿੰਗ ਵਿੱਚ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਗਿਆ। ਪ੍ਰਸਤਾਵ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਦੀ ਸਹਿਮਤੀ ਨਹੀਂ ਮਿਲ ਜਾਂਦੀ ਉਦੋਂ ਤੱਕ ਨਵੇਂ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ। ਨਾਲ ਹੀ ਸੰਵਿਧਾਨਕ ਪ੍ਰਕਿਰਿਆਵਾਂ ਦੀ ਪਾਲਣਾ ਕਰਕੇ ਰਾਜ ਦੀ ਰਾਏ ਨੂੰ ਬਣਦਾ ਸਤਿਕਾਰ ਦੇਣ ਦੀ ਮੰਗ ਕੀਤੀ ਗਈ। ਹਾਲਾਂਕਿ ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ।












