ਕਰੈਕਸ, ਵੈਨੇਜ਼ੁਏਲਾ: ਦੱਖਣੀ ਅਮਰੀਕਾ ਦੇ ਦੇਸ਼ ਵੈਨੇਜ਼ੁਏਲਾ ਵਿੱਚ ਆਏ ਦੋ ਤਾਕਤਵਰ ਭੂਚਾਲਾਂ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 235 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 4,300 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ 39,000 ਤੋਂ ਵੱਧ ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਬੁੱਧਵਾਰ, 25 ਜੂਨ ਨੂੰ ਵੈਨੇਜ਼ੁਏਲਾ ਵਿੱਚ 1821 ਦੀ ਇਤਿਹਾਸਕ ਕਾਰਾਬੋਬੋ ਲੜਾਈ ਦੀ ਯਾਦ ਵਿੱਚ ਰਾਸ਼ਟਰੀ ਛੁੱਟੀ ਸੀ। ਇਸ ਕਾਰਨ ਬਹੁਤ ਸਾਰੇ ਲੋਕ ਆਪਣੇ ਘਰਾਂ ਵਿੱਚ ਮੌਜੂਦ ਸਨ ਅਤੇ ਫੀਫਾ ਵਿਸ਼ਵ ਕੱਪ ਦੇ ਮੈਚ ਦੇਖ ਰਹੇ ਸਨ, ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕਈ ਇਮਾਰਤਾਂ ਕੁਝ ਹੀ ਸਕਿੰਟਾਂ ਵਿੱਚ ਢਹਿ ਗਈਆਂ ਅਤੇ ਹਜ਼ਾਰਾਂ ਲੋਕ ਮਲਬੇ ਹੇਠ ਫਸ ਗਏ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਬਚਾਅ ਟੀਮਾਂ ਨੂੰ ਕਈ ਥਾਵਾਂ ‘ਤੇ ਮਲਬੇ ਹੇਠੋਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਰਾਹਤ ਅਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ ਅਤੇ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਹਾਲਾਂਕਿ, ਕਈ ਇਲਾਕਿਆਂ ਵਿੱਚ ਸੜਕਾਂ ਅਤੇ ਸੰਚਾਰ ਪ੍ਰਣਾਲੀ ਨੂੰ ਨੁਕਸਾਨ ਪਹੁੰਚਣ ਕਾਰਨ ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਇਸ ਆਫ਼ਤ ਦੇ ਨਤੀਜੇ ਹੋਰ ਵੀ ਗੰਭੀਰ ਹੋ ਸਕਦੇ ਹਨ। ਮਾਹਿਰਾਂ ਨੇ ਅੰਦਾਜ਼ਾ ਲਗਾਇਆ ਹੈ ਕਿ ਮੌਤਾਂ ਦੀ ਗਿਣਤੀ 10,000 ਤੋਂ ਵੱਧ ਹੋਣ ਦੀ 44 ਫੀਸਦੀ ਸੰਭਾਵਨਾ ਹੈ, ਜਦਕਿ 100,000 ਤੱਕ ਜਾਨਾਂ ਜਾਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਭੂਚਾਲ ਕਾਰਨ ਦੇਸ਼ ਦੀ ਆਰਥਿਕਤਾ ਨੂੰ ਵੀ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ। ਸ਼ੁਰੂਆਤੀ ਅਨੁਮਾਨਾਂ ਮੁਤਾਬਕ ਵੈਨੇਜ਼ੁਏਲਾ ਨੂੰ ਲਗਭਗ ₹9.5 ਲੱਖ ਕਰੋੜ ਦਾ ਆਰਥਿਕ ਨੁਕਸਾਨ ਹੋ ਸਕਦਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੇ ਦੇਸ਼ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ।
ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਨਾਲ ਗੱਲਬਾਤ ਕਰਕੇ ਦੁੱਖ ਪ੍ਰਗਟਾਇਆ ਅਤੇ ਹਰ ਸੰਭਵ ਮਨੁੱਖੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਅੰਤਰਰਾਸ਼ਟਰੀ ਭਾਈਚਾਰਾ ਵੀ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆ ਰਿਹਾ ਹੈ, ਜਦਕਿ ਦੁਨੀਆ ਭਰ ਦੀਆਂ ਨਜ਼ਰਾਂ ਇਸ ਸਮੇਂ ਚੱਲ ਰਹੇ ਬਚਾਅ ਅਭਿਆਨ ‘ਤੇ ਟਿਕੀਆਂ ਹੋਈਆਂ ਹਨ।












