ਹਰਿਆਣਾ : ਹਰਿਆਣਾ ਦੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਅਜੇ ਸਿੰਘਲ ਨੇ ਬੀਤੇ ਦਿਨ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਦੀ ਨਜਾਇਜ਼ ਕਮਾਈ ਤੋਂ ਹਾਸਲ ਕੀਤੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਕਾਨੂੰਨ ਦੇ ਤਹਿਤ ਅਜਿਹੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਅਜਿਹੀਆਂ ਜਾਇਦਾਦਾਂ ਨੂੰ ਕਾਨੂੰਨੀ ਤੌਰ ’ਤੇ ਢੁਕਵੇਂ ਕੇਸਾਂ ਵਿੱਚ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ।
ਸਿੰਘਲ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖ਼ਿਲਾਫ਼ ਪ੍ਰਭਾਵੀ ਕਾਰਵਾਈ ਲਈ, ਸਿਰਫ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੀ ਕਾਫੀ ਨਹੀਂ ਹੈ, ਸਗੋਂ ਉਹਨਾਂ ਦੇ ਸਮੁੱਚੇ ਨੈਟਵਰਕ ਅਤੇ ਵਿੱਤੀ ਸਰੋਤਾਂ ਵਿਰੁੱਧ ਕਾਰਵਾਈ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਪੰਚਕੂਲਾ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.), ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.), ਪੁਲਿਸ ਸੁਪਰਡੈਂਟ (ਐਸ.ਪੀ) ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਚੁੱਕੇ ਜਾ ਰਹੇ ਕਦਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ।
ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਮੀਟਿੰਗ ਵਿੱਚ ਰਾਜ ਭਰ ਵਿੱਚ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿੰਘਲ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹਰਿਆਣਾ ਪੁਲਿਸ ਦੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਸਾਰੇ ਜ਼ਿ ਲ੍ਹਿਆਂ ਨੂੰ ਇਸ ਉਦੇਸ਼ ਲਈ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਪੱਧਰ ’ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
