ਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਚਿੰਤਾਜਨਕ ਅਤੇ ਮੰਦਭਾਗਾ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਤੱਕ ਸੀਮਤ ਨਹੀਂ ਹੈ, ਸਗੋਂ ਇਹ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਹਿਮ ਅਤੇ ਅਟੁੱਟ ਹਿੱਸਾ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਹੋਰ ਕਈ ਇਤਿਹਾਸਕ ਘਟਨਾਵਾਂ ਰਾਹੀਂ ਭਾਰਤੀ ਇਤਿਹਾਸ ਦੀ ਦਿਸ਼ਾ ਨੂੰ ਪ੍ਰਭਾਵਿਤ ਕੀਤਾ ਹੈ।
ਧਾਮੀ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਉੱਚ ਸਿੱਖਿਆ ਦੇ ਪਾਠਕ੍ਰਮ ਵਿੱਚ ਉਚਿਤ ਸਥਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਸੰਸਥਾ ਦੇ ਪੋਸਟ-ਗ੍ਰੈਜੂਏਟ ਪੱਧਰ ਦੇ ਸਿਲੇਬਸ ਵਿੱਚੋਂ ਇਨ੍ਹਾਂ ਵਿਸ਼ਿਆਂ ਨੂੰ ਹਟਾਉਣ ਦੀ ਬਜਾਏ ਇਨ੍ਹਾਂ ਦੇ ਅਕਾਦਮਿਕ ਅਧਿਐਨ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸਿਲੇਬਸ ਵਿੱਚ ਇਨ੍ਹਾਂ ਦੀ ਢੁਕਵੀਂ ਮੌਜੂਦਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਸ ਮਾਮਲੇ ਨੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਪਾਠਕ੍ਰਮ ਅਤੇ ਪੰਜਾਬ ਦੇ ਇਤਿਹਾਸ ਦੀ ਅਕਾਦਮਿਕ ਪੇਸ਼ਕਾਰੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਇਤਰਾਜ਼ ’ਤੇ ਦਿੱਤੇ ਜਾਣ ਵਾਲੇ ਜਵਾਬ ’ਤੇ ਰਹੇਗੀ।
