Homeਪੰਜਾਬਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ

ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ

ਨਵਾਂਸ਼ਹਿਰ: ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੀਟਿੰਗ ਰੂਮ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ. ਤੁਸ਼ਾਰ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਵੇਦਨਸ਼ੀਲਤਾ ਮੈਪਿੰਗ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ ਦੀ ਪਛਾਣ, ਖਰਚੇ ਸੰਵੇਦਨਸ਼ੀਲ ਵਿਧਾਨ ਸਭਾ ਹਲਕਿਆਂ ਅਤੇ ਖਰਚੇ ਸੰਵੇਦਨਸ਼ੀਲ ਸਥਾਨਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ-2022 ਅਤੇ ਲੋਕ ਸਭਾ ਚੋਣਾਂ-2024 ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਲੋੜੀਂਦੀ ਜਾਣਕਾਰੀ ਅੱਪਡੇਟ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਸੰਵੇਦਨਸ਼ੀਲਤਾ ਦਾ ਮੁਲਾਂਕਣ ਕੀਤਾ ਜਾਵੇ, ਤਾਂ ਜੋ ਹਰੇਕ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਲਈ ਸੁਰੱਖਿਅਤ ਅਤੇ ਨਿਰਵਿਘਨ ਵੋਟਿੰਗ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਅਧਿਕਾਰੀਆਂ ਨੂੰ ਪਿਛਲੀਆਂ ਚੋਣਾਂ ਦੇ ਤਜ਼ਰਬਿਆਂ, ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਹੋਰ ਸਬੰਧਤ ਤੱਥਾਂ ਦਾ ਅਧਿਐਨ ਕਰਕੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦੀ ਪਛਾਣ ਇਕ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਤਹਿਤ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਸੰਭਾਵੀ ਖਤਰਿਆਂ ਦਾ ਸਮੇਂ ਸਿਰ ਮੁਲਾਂਕਣ ਕੀਤਾ ਜਾਂਦਾ ਹੈ। ਇਸ ਦੇ ਲਈ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਜ਼ਰੂਰੀ ਹੈ।

ਮੀਟਿੰਗ ਵਿੱਚ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸੁਪਰਵਾਈਜ਼ਰਾਂ ਅਤੇ ਸਬੰਧਿਤ ਥਾਣਾ ਇੰਚਾਰਜਾਂ ਨਾਲ ਸਾਂਝੀ ਮੀਟਿੰਗ ਕਰਕੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ ਅਤੇ ਖਰਚੇ ਸਬੰਧੀ ਸੰਵੇਦਨਸ਼ੀਲ ਖੇਤਰਾਂ ਦੀ ਸ਼ਨਾਖਤ ਸਬੰਧੀ ਕਾਰਵਾਈ ਮੁਕੰਮਲ ਕਰਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਚੋਣ ਪ੍ਰਬੰਧਾਂ ਦਾ ਵੀ ਲੋੜ ਅਨੁਸਾਰ ਜਾਇਜ਼ਾ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਕੰਮ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ, ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।

ਮੀਟਿੰਗ ਵਿੱਚ ਐਸ.ਡੀ.ਐਮ. ਬਲਾਚੌਰ ਸੁਨੀਲ ਫੋਗਟ, ਐੱਸ.ਡੀ.ਐੱਮ. ਅਨਮਜੋਤ ਕੌਰ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ, ਡੀ.ਐਸ.ਪੀ. ਪੰਕਜ ਸ਼ਰਮਾ, ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ, ਡੀ.ਐਸ.ਪੀ ਬੰਗਾ ਹਰਜੀਤ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments