ਚੰਡੀਗੜ੍ਹ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਦੇ ਗਵਰਨਰ ਅਤੇ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗਵਰਨਰ ਦੇ ਅਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (IAS) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾ. ਰਾਜਿੰਦਰ ਕੁਮਾਰ ਬੰਸਲ ਦਾ ਕਾਰਜਕਾਲ ਤਿੰਨ ਸਾਲਾਂ ਦਾ ਹੋਵੇਗਾ। ਉਨ੍ਹਾਂ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਸ਼ੁਰੂ ਹੋਵੇਗਾ। ਨਿਯੁਕਤੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਐਕਟ, 1998 ਦੀ ਧਾਰਾ 14(2) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਪੰਜਾਬ ਦੀ ਸਿਹਤ ਸਿੱਖਿਆ ਅਤੇ ਮੈਡੀਕਲ ਖੋਜ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸੰਸਥਾ ਹੈ। ਯੂਨੀਵਰਸਿਟੀ ਨਾਲ ਕਈ ਮੈਡੀਕਲ, ਡੈਂਟਲ, ਨਰਸਿੰਗ ਅਤੇ ਹੋਰ ਸਿਹਤ ਸਿੱਖਿਆ ਸੰਸਥਾਵਾਂ ਜੁੜੀਆਂ ਹੋਈਆਂ ਹਨ। ਅਜਿਹੇ ਵਿੱਚ ਵਾਈਸ ਚਾਂਸਲਰ ਦਾ ਅਹੁਦਾ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਪ੍ਰਸ਼ਾਸਕੀ ਕੰਮਕਾਜ ਲਈ ਬੇਹੱਦ ਅਹਿਮ ਮੰਨਿਆ ਜਾਂਦਾ ਹੈ।
ਡਾ. ਬੰਸਲ ਦੀ ਨਿਯੁਕਤੀ ਨਾਲ ਯੂਨੀਵਰਸਿਟੀ ਨੂੰ ਨਵੀਂ ਅਗਵਾਈ ਮਿਲੇਗੀ। ਉਨ੍ਹਾਂ ਦੇ ਸਾਹਮਣੇ ਸਿਹਤ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕਰਨ, ਮੈਡੀਕਲ ਖੋਜ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਮਾਹੌਲ ਤਿਆਰ ਕਰਨ ਵਰਗੀਆਂ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਹੋਣਗੀਆਂ।
ਇਸ ਤੋਂ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਸੰਸਥਾਵਾਂ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਬਣਾਉਣਾ ਅਤੇ ਸਿਹਤ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਣਾ ਵੀ ਨਵੇਂ ਵਾਈਸ ਚਾਂਸਲਰ ਲਈ ਅਹਿਮ ਕਾਰਜ ਰਹਿਣਗੇ।
ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਡਾ. ਰਾਜਿੰਦਰ ਕੁਮਾਰ ਬੰਸਲ ਦੀਆਂ ਸੇਵਾ ਸ਼ਰਤਾਂ ਨਾਲ ਸਬੰਧਤ ਜਾਣਕਾਰੀ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਅਗਲਾ ਨੋਟੀਫਿਕੇਸ਼ਨ ਆਉਣ ਤੋਂ ਬਾਅਦ ਨਵੇਂ ਵੀਸੀ ਦੀਆਂ ਸੇਵਾ ਸ਼ਰਤਾਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਵੇਗੀ।











