ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਦੇ ਸੱਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ, ਆਈਪੀਐਸ ਅਤੇ ਪੀਸੀਐਸ ਅਧਿਕਾਰੀ ਸ਼ਾਮਲ ਹਨ।
ਰਿਪੋਰਟ ਮੁਤਾਬਕ, ਸੰਮਨ ਪ੍ਰਾਪਤ ਕਰਨ ਵਾਲਿਆਂ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਆਮ ਪ੍ਰਸ਼ਾਸਨ ਤੇ ਤਾਲਮੇਲ ਵਿਭਾਗ ਦੀ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ ਦੇ ਨਾਮ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਦੇ ਇੱਕ ਐਸਐਸਪੀ ਸਮੇਤ ਹੋਰ ਅਧਿਕਾਰੀਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਜਾਣਕਾਰੀ ਅਨੁਸਾਰ, ਈਡੀ ਨੇ ਦੋ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਸੰਮਨ ਭੇਜੇ ਹਨ। ਇਸ ਤਰ੍ਹਾਂ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਮਿਲਾ ਕੇ ਕੁੱਲ ਸੱਤ ਲੋਕਾਂ ਨੂੰ ਜਾਂਚ ਏਜੰਸੀ ਵੱਲੋਂ ਤਲਬ ਕੀਤਾ ਗਿਆ ਹੈ।
ਇਹ ਮਾਮਲਾ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜਿਆ ਹੋਇਆ ਹੈ। ਈਡੀ ਇਸ ਮਾਮਲੇ ਵਿੱਚ ਕਥਿਤ ਮਨੀ ਲਾਂਡਰਿੰਗ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੂੰ ਸੰਮਨ ਜਾਰੀ ਕਰਨ ਦਾ ਮਕਸਦ ਮਾਮਲੇ ਨਾਲ ਜੁੜੇ ਤੱਥਾਂ ਅਤੇ ਜਾਣਕਾਰੀਆਂ ਦੀ ਜਾਂਚ ਕਰਨਾ ਹੈ।










