ਬਰਨਾਲਾ : ਪੰਜਾਬ ‘ਚ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਬਰਨਾਲਾ ਪੁਲਿਸ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਮਹਿਲ ਕਲਾਂ ਪੁਲਿਸ, ਸੀ.ਆਈ.ਏ. ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਬਰਨਾਲਾ-ਲੁਧਿਆਣਾ ਕੌਮੀ ਮਾਰਗ ’ਤੇ ਪੈਂਦੇ ਮਹਿਲ ਕਲਾਂ ਟੋਲ ਪਲਾਜ਼ਾ ’ਤੇ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਕੁਝ ਸ਼ੱਕੀ ਵਿਅਕਤੀ ਆ ਰਹੇ ਹਨ। ਜਦੋਂ ਪੁਲਿਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਸਾਈਡ ’ਤੇ ਬੈਠੇ ਵਿਅਕਤੀ ਨੇ ਪੁਲਿਸ ਟੀਮ ’ਤੇ ਦੋ ਰਾਉਂਡ ਫਾਇਰ ਕਰ ਦਿੱਤੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ‘ਚ ਜਾ ਡਿੱਗੀ। ਇਸ ਤੋਂ ਬਾਅਦ ਪੁਲਿਸ ਨੇ ਕਾਰ ‘ਚ ਸਵਾਰ ਦੋਵਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਇਨ੍ਹਾਂ ਦੀ ਪਛਾਣ ਬਦਨਾਮ ਗੈਂਗਸਟਰ ਅਰਸਦੀਪ ਸਿੰਘ ਉਰਫ ਅਰਸੀ ਵਾਸੀ ਪਿੰਡ ਬਖਤਗੜ੍ਹ (ਜ਼ਿਲ੍ਹਾ ਬਰਨਾਲਾ) ਅਤੇ ਉਸ ਦੇ ਸਾਥੀ ਗੁਰਸਰਨ ਸਿੰਘ ਵਾਸੀ ਪਿੰਡ ਰੱਤਾ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਅਰਸਦੀਪ ਸਿੰਘ ਬਰਨਾਲਾ ਜ਼ਿਲ੍ਹੇ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਲੰਮੇ ਸਮੇਂ ਤੋਂ ਭਗੌੜਾ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 30 ਐਮ.ਐਮ ਦਾ ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਵਾਰਦਾਤ ਵਿੱਚ ਵਰਤੀ ਕਾਰ ਬਰਾਮਦ ਕੀਤੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਪੁਲਿਸ ’ਤੇ ਦੋ ਰਾਉਂਡ ਫਾਇਰ ਕੀਤੇ ਗਏ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ, ਜਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਜਾਂਚ ਅੱਗੇ ਵਧਦੀ ਹੈ, ਇਸ ਮਾਮਲੇ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।












