ਹੈਦਰਾਬਾਦ: ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ 2 ਕਰੋੜ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਸ਼ਟਰੀ ਪੁਲਿਸ ਸਮ੍ਰਿਤੀ ਦਿਵਸ ਮੌਕੇ ਹੈਦਰਾਬਾਦ ਦੇ ਗੋਸ਼ਾਮਹਿਲ ਪੁਲਿਸ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਨੇ ਇਹ ਐਲਾਨ ਕੀਤਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ 2028 ਤੱਕ ਭਰਨ ਦੀ ਗੱਲ ਵੀ ਕਹੀ। ਉਨ੍ਹਾਂ ਮੁਤਾਬਕ, ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਮੁੱਖ ਮੰਤਰੀ ਰੇਵੰਤ ਰੈੱਡੀ ਨੇ ਹੋਮਗਾਰਡਾਂ ਲਈ ਵੀ ਅਹਿਮ ਐਲਾਨ ਕੀਤਾ। ਉਨ੍ਹਾਂ ਨੇ ਐਕਸ-ਗ੍ਰੇਸ਼ੀਆ ਰਾਸ਼ੀ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਦੀ ਗੱਲ ਕਹੀ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰੇਡ ਦੀ ਸਲਾਮੀ ਲਈ।
ਰੇਵੰਤ ਰੈੱਡੀ ਨੇ ਤੇਲੰਗਾਨਾ ਵਿੱਚ DSP ਦੀਆਂ 110 ਅਸਾਮੀਆਂ ‘ਤੇ ਭਰਤੀ ਦਾ ਜ਼ਿਕਰ ਕਰਦਿਆਂ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਅਹਿਮ ਕਦਮ ਦੱਸਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਹਿਲਾਵਾਂ ਅਤੇ ਬੱਚਿਆਂ ਨਾਲ ਜੁੜੇ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਕਰਨ ਅਤੇ ਇਨਸਾਫ਼ ਦੇਣ ਵਿੱਚ ਬੇਲੋੜੀ ਦੇਰੀ ਤੋਂ ਬਚਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਪੁਲਿਸ ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣਾ ਵੀ ਜ਼ਰੂਰੀ ਹੈ। ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ ਗਈ ਹੈ।
