Home ਪੰਜਾਬ ਫਰੀਦਕੋਟ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਕਾਰ ‘ਚੋਂ 1 ਕਿਲੋ 20...

ਫਰੀਦਕੋਟ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਕਾਰ ‘ਚੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ

0

ਫਰੀਦਕੋਟ: ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਸਿਟੀ-2 ਫਰੀਦਕੋਟ ਦੀ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਕ ਕਾਰ ‘ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹਾਲਾਂਕਿ ਕਾਰ ‘ਚ ਸਵਾਰ ਤਿੰਨੇ ਤਸਕਰ ਪਲਿਸ ਨੂੰ ਦੇਖਦੇ ਹੀ ਗੱਡੀ ਨੂੰ ਸੜਕ ਕਿਨਾਰੇ ਛੱਡ ਕੇ ਭੱਜ ਗਏ। ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।

ਥਾਣਾ ਸਿਟੀ-2 ਦੇ ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਫਿਰੋਜ਼ਪੁਰ ਰੋਡ ’ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਕਿਸੇ ਭਰੋਸੇਯੋਗ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਬੀਰ ਬਸਤੀ ਦਾ ਰਹਿਣ ਵਾਲਾ ਕਰਨ ਸ਼ਰਮਾ ਆਪਣੇ ਦੋ ਅਣਪਛਾਤੇ ਸਾਥੀਆਂ ਸਮੇਤ ਕਾਰ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਸ਼ਹਿਰ ਵਿੱਚ ਘੁੰਮ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਨਾਕਾਬੰਦੀ ਕਰ ਕੇ ਸਬੰਧਤ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਵਿੱਚ ਸਵਾਰ ਤਿੰਨੋਂ ਮੁਲਜ਼ਮ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਕਾਰ ਦੀ ਤਲਾਸ਼ੀ ਲਈ, ਜਿਸ ‘ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਤਲਾਸ਼ੀ ਦੌਰਾਨ ਕਾਰ ਵਿਚੋਂ ਇਕ ਇਲੈਕਟ੍ਰਾਨਿਕ ਫੋਰਕ, 20 ਪਾਰਦਰਸ਼ੀ ਪਲਾਸਟਿਕ ਦੇ ਲਿਫਾਫੇ, ਇਕ ਆਈਫੋਨ, ਇਕ ਪਰਸ ਜਿਸ ਵਿਚ 500 ਰੁਪਏ ਨਕਦ, ਇਕ ਆਧਾਰ ਕਾਰਡ ਅਤੇ ਕਾਰ ਨਾਲ ਸਬੰਧਤ ਦਸਤਾਵੇਜ਼ ਵੀ ਬਰਾਮਦ ਹੋਏ ਹਨ। ਪੁਲਿਸ ਨੇ ਹੈਰੋਇਨ, ਕਾਰ ਅਤੇ ਹੋਰ ਸਾਮਾਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਮਾਤਰਾ ਵਪਾਰਕ ਸ਼੍ਰੇਣੀ ਵਿੱਚ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਹੜੇ ਨਸ਼ਾ ਤਸਕਰੀ ਗਰੋਹ ਨਾਲ ਜੁੜੇ ਹੋਏ ਹਨ, ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਡੀ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version