Homeਪੰਜਾਬ15 ਸਾਲਾਂ ਤੋਂ 33 ਏਕੜ ’ਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ...

15 ਸਾਲਾਂ ਤੋਂ 33 ਏਕੜ ’ਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰ ਰਹੇ ਕਿਸਾਨ ਮਨਜੀਤ ਸਿੰਘ ਖੋਖ

ਨਾਭਾ : ਜ਼ਿਲ੍ਹਾ ਪਟਿਆਲਾ ਦੇ ਬਲਾਕ ਨਾਭਾ ਅਧੀਨ ਪੈਂਦੇ ਪਿੰਡ ਖੋਖ ਦੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਪਿਛਲੇ 15 ਸਾਲਾਂ ਤੋਂ ਆਪਣੀ 33 ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰ ਰਹੇ ਹਨ। ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਇਹ ਪਹਿਲਕਦਮੀ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ।

ਕਿਸਾਨ ਮਨਜੀਤ ਸਿੰਘ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹਨ। ਝੋਨੇ ਦੀ ਕਟਾਈ ਸਮੇਂ ਸੁਪਰ ਐਸ.ਐਮ.ਐਸ. ਵਾਲੀ ਕੰਬਾਈਨ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਬਰਾਬਰ ਖਿਲਾਰਿਆ ਜਾਂਦਾ ਹੈ। ਇਸ ਤੋਂ ਬਾਅਦ ਮਲਚਰ ਦੀ ਵਰਤੋਂ ਕਰਕੇ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਕੇ ਜ਼ਮੀਨ ਉੱਪਰ ਵਿਛਾਇਆ ਜਾਂਦਾ ਹੈ। ਪਲਟਾਵੇਂ ਹੱਲ (ਐੱਮ.ਬੀ. ਪਲਾਓ) ਰਾਹੀਂ ਪਰਾਲੀ ਨੂੰ ਮਿੱਟੀ ਵਿੱਚ ਦਬਾ ਕੇ ਰਲਾਉਣ ਨਾਲ ਜ਼ਮੀਨ ਵਿੱਚ ਜੈਵਿਕ ਮਾਦੇ ਅਤੇ ਜੈਵਿਕ ਕਾਰਬਨ ਦੇ ਵਾਧੇ ਵਿੱਚ ਮਦਦ ਮਿਲਦੀ ਹੈ।

ਮਨਜੀਤ ਸਿੰਘ ਫ਼ਸਲੀ ਵਿਭਿੰਨਤਾ ਅਤੇ ਫ਼ਸਲੀ ਚੱਕਰ ਨੂੰ ਵੀ ਮਹੱਤਵ ਦਿੰਦੇ ਹਨ। ਉਹ ਝੋਨੇ ਦੀ ਫ਼ਸਲ ਤੋਂ ਬਾਅਦ ਆਲੂਆਂ ਦੀ ਬਿਜਾਈ ਕਰਦੇ ਹਨ, ਜਦਕਿ ਘਰੇਲੂ ਵਰਤੋਂ ਲਈ ਕਣਕ ਦੀ ਖੇਤੀ ਵੀ ਸੁਚੱਜੇ ਢੰਗ ਨਾਲ ਕਰਦੇ ਹਨ। ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਅਤੇ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਖੇਤੀਬਾੜੀ ਦੇ ਸਰੋਤਾਂ ਦੀ ਬਿਹਤਰ ਵਰਤੋਂ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਵਿੱਚ ਸਹਾਈ ਹੋ ਸਕਦਾ ਹੈ।

ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਕਰਕੇ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤੀ ਵਿੱਚ ਹੀ ਵਰਤਣ ਦੀ ਮਿਸਾਲ ਕਾਇਮ ਕੀਤੀ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਅਤੇ ਹਵਾ ਪ੍ਰਦੂਸ਼ਣ ਤੋਂ ਬਚਾਅ ਦੇ ਨਾਲ-ਨਾਲ, ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸੰਭਾਲਣ ਨਾਲ ਮਿੱਟੀ ਦੇ ਲਾਭਦਾਇਕ ਜੀਵਾਂ ਅਤੇ ਪੋਸ਼ਕ ਤੱਤਾਂ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ। ਇਸ ਨਾਲ ਮਿੱਟੀ ਦੀ ਸਿਹਤ ਸੁਧਾਰਨ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਲਾਹੇਵੰਦ ਬਣਾਉਣ ਦੀਆਂ ਸੰਭਾਵਨਾਵਾਂ ਵਧਦੀਆਂ ਹਨ।

ਕਿਸਾਨ ਮਨਜੀਤ ਸਿੰਘ ਦੀ ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਵਰਗੇ ਅਗਾਂਹਵਧੂ ਕਿਸਾਨ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਖੇਤਰ ਵਿੱਚ ਟਿਕਾਊ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਸੰਭਾਲਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਕਿਸਾਨਾਂ ਵੱਲੋਂ ਅਜਿਹੇ ਵਾਤਾਵਰਨ ਪੱਖੀ ਤਰੀਕੇ ਅਪਣਾਉਣ ਨਾਲ ਹਵਾ ਪ੍ਰਦੂਸ਼ਣ ਘਟਾਉਣ, ਮਿੱਟੀ ਦੀ ਸਿਹਤ ਬਿਹਤਰ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments