Homeਪੰਜਾਬਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਐਕਸ਼ਨ, ਪੰਜਾਬ ਦੇ 5 ਰੇਲਵੇ ਟਰੈਕ...

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਐਕਸ਼ਨ, ਪੰਜਾਬ ਦੇ 5 ਰੇਲਵੇ ਟਰੈਕ ਜਾਮ ਕਰਨ ਦਾ ਐਲਾਨ

ਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 17 ਸਤੰਬਰ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਮੁਤਾਬਕ ਦੁਪਹਿਰ 12 ਵਜੇ ਜੇਕਰ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ-ਸੁਨਾਮ ਸਮੇਤ ਪੰਜ ਥਾਵਾਂ ’ਤੇ ਰੇਲਵੇ ਟਰੈਕ ਜਾਮ ਕੀਤੇ ਜਾਣਗੇ।

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖਦਾ ਆ ਰਿਹਾ ਹੈ। ਉਨ੍ਹਾਂ ਮੁਤਾਬਕ ਸਰਕਾਰ ਨਾਲ ਗੱਲਬਾਤ ਅਤੇ ਮੰਗਾਂ ਦੇ ਹੱਲ ਲਈ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ।

ਭਾਰੀ ਮੀਂਹ ਦੇ ਬਾਵਜੂਦ ਦੇਵੀਦਾਸਪੁਰਾ ’ਚ ਡਟੇ ਕਿਸਾਨ

ਪੰਧੇਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਕਿਸਾਨਾਂ ਦੇ ਨਾਲ ਮੌਜੂਦ ਹਨ। ਰਾਤ ਨੂੰ ਪਏ ਭਾਰੀ ਮੀਂਹ ਦੇ ਬਾਵਜੂਦ ਕਿਸਾਨ ਧਰਨੇ ਵਾਲੀ ਥਾਂ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮੌਸਮ ਖਰਾਬ ਹੋਣ ਕਾਰਨ ਫਸਲਾਂ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ, ਪਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖ ਰਹੇ ਹਨ।

ਦੁਪਹਿਰ 12 ਵਜੇ ਤੱਕ ਸਰਕਾਰ ਦੇ ਫੈਸਲੇ ਦੀ ਉਡੀਕ

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੋਰਚੇ ਨੂੰ ਉਮੀਦ ਹੈ ਕਿ ਦੁਪਹਿਰ 12 ਵਜੇ ਤੋਂ ਪਹਿਲਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਐਲਾਨ ਮੁਤਾਬਕ ਪੰਜ ਥਾਵਾਂ ’ਤੇ ਰੇਲਾਂ ਰੋਕੀਆਂ ਜਾਣਗੀਆਂ।

ਕੀ ਹਨ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ?

ਕਿਸਾਨ ਆਗੂ ਨੇ ਦੱਸਿਆ ਕਿ ਮੋਰਚੇ ਦੀਆਂ ਮੁੱਖ ਮੰਗਾਂ ਵਿੱਚ 23 ਫਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਸਰਕਾਰੀ ਖਰੀਦ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਦੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਰਾਹਤ ਦੇਣ, ਅੰਦੋਲਨਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਅਤੇ ਜ਼ਖਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਪਰਾਲੀ ਸਾੜਨ, ਪੁਲਿਸ ਅਤੇ ਰੇਲਵੇ ਨਾਲ ਸਬੰਧਤ ਮਾਮਲਿਆਂ ਸਮੇਤ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਪਿਛਲੇ ਅੰਦੋਲਨਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਵੀ ਮੋਰਚੇ ਵੱਲੋਂ ਰੱਖੀ ਗਈ ਹੈ।

ਕੇਂਦਰ ਸਰਕਾਰ ਨਾਲ ਜੁੜੇ ਮੁੱਦਿਆਂ ਵਿੱਚ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਵਿਰੋਧ ਦਰਜ ਕਰਵਾਇਆ ਗਿਆ ਹੈ।

ਪੰਧੇਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੁਪਹਿਰ 12 ਵਜੇ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਪਹੁੰਚ ਕੇ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦੇਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments