Home ਪੰਜਾਬ ਤਰਨਤਾਰਨ ’ਚ ਪੈਟਰੋਲ ਪੰਪ ’ਤੇ ਫਾਇਰਿੰਗ

ਤਰਨਤਾਰਨ ’ਚ ਪੈਟਰੋਲ ਪੰਪ ’ਤੇ ਫਾਇਰਿੰਗ

0

ਤਰਨਤਾਰਨ: ਜ਼ਿਲ੍ਹੇ ਦੇ ਪੱਟੀ ਹਲਕੇ ਅਧੀਨ ਪੈਂਦੇ ਪਿੰਡ ਭੰਗਾਲਾ ਵਿੱਚ ਇੱਕ ਪੈਟਰੋਲ ਪੰਪ ’ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦੇ ਮਾਲਕ ਤੋਂ ਕਥਿਤ ਤੌਰ ’ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੰਗ ਪੂਰੀ ਨਾ ਹੋਣ ਤੋਂ ਬਾਅਦ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਪੰਪ ’ਤੇ ਗੋਲੀਆਂ ਚਲਾਈਆਂ ਗਈਆਂ।

ਘਟਨਾ ਦੌਰਾਨ ਕਿਸੇ ਵਿਅਕਤੀ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਫਾਇਰਿੰਗ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਅਤੇ ਪਰਿਵਾਰਕ ਮੈਂਬਰਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਵਿਦੇਸ਼ ਤੋਂ ਫਿਰੌਤੀ ਲਈ ਆ ਰਹੀਆਂ ਸਨ ਕਾਲਾਂ

ਮੁੱਢਲੀ ਜਾਣਕਾਰੀ ਅਨੁਸਾਰ ਭੰਗਾਲਾ ਸਥਿਤ ਗੋਬਿੰਦ ਫਿਲਿੰਗ ਸਟੇਸ਼ਨ ਦੇ ਮਾਲਕ ਪਰਮਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਫੋਨ ਰਾਹੀਂ ਲੱਖਾਂ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕਾਲਾਂ ਵਿਦੇਸ਼ ਵਿੱਚ ਬੈਠੇ ਕਥਿਤ ਗੈਂਗਸਟਰਾਂ ਵੱਲੋਂ ਕੀਤੀਆਂ ਜਾ ਰਹੀਆਂ ਸਨ।

ਜਦੋਂ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਪੂਰੀ ਨਹੀਂ ਹੋਈ ਤਾਂ ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਤਿੰਨ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਪੈਟਰੋਲ ਪੰਪ ’ਤੇ ਪਹੁੰਚੇ ਅਤੇ ਫਾਇਰਿੰਗ ਕਰ ਦਿੱਤੀ। ਵਾਰਦਾਤ ਤੋਂ ਬਾਅਦ ਤਿੰਨੇ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਭਾਲ ਲਈ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

ਫਿਲਹਾਲ ਪੁਲਿਸ ਵੱਲੋਂ ਫਾਇਰਿੰਗ ਦੀ ਘਟਨਾ ਅਤੇ ਕਥਿਤ ਫਿਰੌਤੀ ਦੀ ਮੰਗ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ  Subscribe:-

NO COMMENTS

LEAVE A REPLY

Please enter your comment!
Please enter your name here

Exit mobile version