Home ਪੰਜਾਬ ਪੰਜਾਬ ‘ਚ 2 ਆਧੁਨਿਕ ਹੋਸਟਲਾਂ ਲਈ 1.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ...

ਪੰਜਾਬ ‘ਚ 2 ਆਧੁਨਿਕ ਹੋਸਟਲਾਂ ਲਈ 1.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਗਈ ਮਨਜ਼ੂਰ

0

ਚੰਡੀਗੜ੍ਹ: ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵਾਂ ਹੋਸਟਲਾਂ ਲਈ 1.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਕੀਤੀ ਗਈ ਹੈ ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ ਅਤੇ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮੁੰਡਿਆਂ ਅਤੇ ਕੁੜੀਆਂ ਲਈ 100-100 ਸੀਟਾਂ ਹੋਣਗੀਆਂ ਅਤੇ ਇਨ੍ਹਾਂ ਦੀ ਉਸਾਰੀ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਹਰੇਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵਾਂ ਹੋਸਟਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਮਰੇ, ਪੜ੍ਹਾਈ ਲਈ ਵਧੀਆ ਮਾਹੌਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ‘ਤੇ ਪੂਰਾ ਧਿਆਨ ਕੇਂਦਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਵੱਲ ਨਿਰੰਤਰ ਯਤਨਾਂ ਦਾ ਹਿੱਸਾ ਹੈ। ਇਹ ਪਹਿਲ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਢੁਕਵੀਂ ਰਿਹਾਇਸ਼ ਪ੍ਰਦਾਨ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦ੍ਰਿਤ ਵਿਕਾਸ, ਸਵੈ-ਨਿਰਭਰਤਾ ਅਤੇ ਸਮਰੱਥਾ ਨਿਰਮਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੋਸਟਲਾਂ ਦੀ ਘਾਟ ਕਾਰਨ ਪਛੜੇ ਵਰਗਾਂ ਦੇ ਬਹੁਤ ਸਾਰੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਸਰਕਾਰ ਨਵੇਂ ਹੋਸਟਲ ਪ੍ਰੋਜੈਕਟ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਹੋਰ ਉੱਚ ਵਿਦਿਅਕ ਸੰਸਥਾਵਾਂ ਵਿੱਚ ਨਵੇਂ ਹੋਸਟਲਾਂ ਦੇ ਨਿਰਮਾਣ ਲਈ ਪ੍ਰਸਤਾਵਾਂ ਦੀ ਮੰਗ ਕੀਤੀ ਹੈ ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਵਧੀਆ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਹੈ, ਸਗੋਂ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ ‘ਤੇ ਸਸ਼ਕਤ ਬਣਾਉਣ ਅਤੇ ਰਾਜ ਦੇ ਵਿਕਾਸ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵੱਲ ਵੀ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀਆਂ ਭਵਿੱਖ ਵਿੱਚ ਹੋਰ ਵਿਦਿਆਰਥੀ-ਅਨੁਕੂਲ ਯੋਜਨਾਵਾਂ ਲਈ ਰਾਹ ਪੱਧਰਾ ਕਰਨਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version