ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਨੇਤਾ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦੀ ਵਰਤੋਂ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਿਵਾਸ ਨੇੜੇ ਧਰਨੇ ‘ਤੇ ਬੈਠ ਗਏ। ਪ੍ਰਧਾਨ ਮੰਤਰੀ ਦੀ ਰਿਹਾਇਸ਼ ‘7 ਲੋਕ ਕਲਿਆਣ ਮਾਰਗ’ ਨੇੜੇ ਧਰਨੇ ‘ਤੇ ਬੈਠੇ ਕਾਂਗਰਸੀ ਆਗੂਆਂ ਨੇ ‘ਪ੍ਰਧਾਨ ਮੰਤਰੀ ਅਸਤੀਫ਼ਾ ਦਿਓ’ ਦੇ ਨਾਅਰੇ ਲਾਏ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਪੁਲਿਸ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸੰਸਦ ਕੰਪਲੈਕਸ ‘ਚ ਇਹ ਵੀ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਵਿਦਿਆਰਥੀਆਂ ਦੀ ਕੁੱਟਮਾਰ ਲਈ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ, “ਅਸੀਂ ਸਦਨ ਵਿੱਚ ਚਰਚਾ ਕਰਨਾ ਚਾਹੁੰਦੇ ਹਾਂ, ਪਰ ਵਿਰੋਧੀ ਧਿਰ ਨੂੰ ਗੱਲ ਨਹੀਂ ਕਰਨ ਦਿੱਤੀ ਜਾ ਰਹੀ ਹੈ।
ਇਹ ਸਦਨ ਉਨ੍ਹਾਂ ਨੌਜਵਾਨਾਂ ਦਾ ਹੈ, ਜਿਨ੍ਹਾਂ ‘ਤੇ ਸਰਕਾਰ ਲਾਠੀਚਾਰਜ ਕਰ ਰਹੀ ਹੈ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਬੱਚਿਆਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਅਤੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਣਾ ਚਾਹੀਦਾ ਹੈ। ਦੋਵੇਂ ਪ੍ਰਮੁੱਖ ਕਾਂਗਰਸੀ ਆਗੂ ਰਾਮ ਮਨੋਹਰ ਲੋਹੀਆ ਹਸਪਤਾਲ ਪਹੁੰਚੇ ਅਤੇ ਜ਼ਖਮੀ ਵਿਦਿਆਰਥੀਆਂ ਨੂੰ ਮਿਲੇ।












