ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੀ ਧੀ ਗੁਰਮਨ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਤੋਂ ਪੀੜਤ ਸੀ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਸੀ। ਉਨ੍ਹਾਂ ਨੇ ਬੀਤੀ ਰਾਤ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਗੁਰਮਨ ਕੌਰ ਦੇ ਦੇਹਾਂਤ ਨਾਲ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ, 25 ਅਗਸਤ ਦੁਪਹਿਰ ਨੂੰ ਰਾਮ ਬਾਗ, ਲੋਹਾ ਖੇੜਾ ਰੋਡ, ਲੌਂਗੋਵਾਲ ਵਿਖੇ ਕੀਤਾ ਜਾਵੇਗਾ। ਗੁਰਮਨ ਕੌਰ ਉੱਚ ਸਿੱਖਿਆ ਪ੍ਰਾਪਤ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਇੱਕ ਸੁਸੱਜਿਤ ਧੀ ਸੀ।
