ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਲਫ਼ਾ ਮਾਲ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਫਾਰਚੂਨਰ ਗੱਡੀ ਸਿਲੰਡਰਾਂ ਨਾਲ ਭਰੇ ਆਟੋ-ਰਿਕਸ਼ਾ ਨਾਲ ਟਕਰਾ ਗਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਆਟੋ-ਰਿਕਸ਼ਾ ਗਲਤ ਪਾਸੇ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਹੋਇਆ।
ਫਾਰਚੂਨਰ ਦੇ ਮਾਲਕ ਨੇ ਵੀ ਆਟੋ-ਰਿਕਸ਼ਾ ਚਾਲਕ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾ ਦਾਅਵਾ ਕੀਤਾ ਹੈ ਕਿ ਇਹ ਹਾਦਸਾ ਆਟੋ-ਰਿਕਸ਼ਾ ਚਾਲਕ ਦੀ ਲਾਪਰਵਾਹੀ ਕਾਰਨ ਹੋਇਆ ਹੈ। ਇਸ ਦੌਰਾਨ, ਡਰਾਈਵਰ ਨੇ ਪੁਲਿਸ ਪ੍ਰਸ਼ਾਸਨ ‘ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜਾਂਚ ਵਿੱਚ ਸੱਚਾਈ ਸਾਹਮਣੇ ਆ ਜਾਵੇਗੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਅਧਿਕਾਰੀਆਂ ਨੇ ਤੁਰੰਤ ਆਟੋ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੈਸ ਸਿਲੰਡਰ ਲੈ ਕੇ ਜਾ ਰਿਹਾ ਇੱਕ ਆਟੋ-ਰਿਕਸ਼ਾ ਫਾਰਚੂਨਰ ਨਾਲ ਟਕਰਾ ਗਿਆ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਪਛਾਣ ਹਾਲਾਤ ਸਪੱਸ਼ਟ ਹੋਣ ‘ਤੇ ਹੀ ਕੀਤੀ ਜਾਵੇਗੀ। ਲੋਕਾਂ ਨੇ ਇਹ ਵੀ ਕਿਹਾ ਕਿ ਆਟੋ ਚਾਲਕ ਅਕਸਰ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਸ਼ਹਿਰ ਵਿੱਚ ਅਜਿਹੇ ਹਾਦਸੇ ਹੋ ਰਹੇ ਹਨ।