ਨਵੀਂ ਦਿੱਲੀ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੀਤੇ ਦਿਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਨੇ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਉਸ ਸਮੇਂ ਅਸ਼ੀਰਵਾਦ ਲਿਆ, ਜਦੋਂ ਕੀਰਤਨੀ ਜਥਾ ਗੁਰੂ ਜੀ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਰਹੇ ਸਨ। ਉਨ੍ਹਾਂ ਨੇ ਇਸ ਦੌਰਾਨ ਰਸਤਾਂ ਬੰਦ ਕਰਨ ਦੀ ਗੱਲ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਦੇ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਕਮੇਟੀ ਹਰ ਪ੍ਰਕਾਰ ਦੇ ਸਹਿਯੋਗ ਦੇ ਲਈ ਹਮੇਸ਼ਾ ਸੁਚੇਤ ਰਹੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।











