ਪੰਜਾਬ: ਇੱਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਅਫਗਾਨਿਸਤਾਨ ਵਿੱਚ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ ਵਿੱਚ ਰਾਵੀ, ਬਿਆਸ ਅਤੇ ਸਤਲੁਜ ਨੇ ਭਾਰੀ ਤਬਾਹੀ ਮਚਾਈ ਹੈ। ਲੱਖਾਂ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ। ਭਾਖੜਾ ਡੈਮ ਵੀ ਲਗਭਗ ਪੂਰੀ ਤਰ੍ਹਾਂ ਭਰ ਗਿਆ ਹੈ। ਅਫਗਾਨਿਸਤਾਨ ਦੀ ਗੱਲ ਕਰੀਏ ਤਾਂ ਉੱਥੇ ਭੂਚਾਲ ਕਾਰਨ ਹੁਣ ਤੱਕ 1400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਲਈ ਟਵੀਟ ਕੀਤਾ, ਤਾਂ ਉਸੇ ਟਵੀਟ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਰਾਹੀਂ ਪੰਜਾਬ ਵੱਲ ਧਿਆਨ ਦੇਣ ਲਈ ਕਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਦੇ ਟਵੀਟ ‘ਤੇ ਲਿਖਿਆ, “ਪ੍ਰਧਾਨ ਮੰਤਰੀ ਜੀ , ਇਹ ਚੰਗੀ ਗੱਲ ਹੈ ਕਿ ਤੁਸੀਂ ਅਫਗਾਨਿਸਤਾਨ ਪ੍ਰਤੀ ਹਮਦਰਦੀ ਪ੍ਰਗਟ ਕੀਤੀ, ਪਰ ਪੰਜਾਬ ਵੀ ਇਸ ਦੇਸ਼ ਦਾ ਇੱਕ ਹਿੱਸਾ ਹੈ, ਜਿੱਥੇ 17 ਅਗਸਤ ਤੋਂ ਲਗਭਗ 1,500 ਪਿੰਡ ਅਤੇ ਲਗਭਗ 3,00,000 ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਤੁਸੀਂ ਪੰਜਾਬ ਵੱਲ ਧਿਆਨ ਨਹੀਂ ਦੇ ਰਹੇ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਅਫਗਾਨਿਸਤਾਨ ਵਿੱਚ ਭੂਚਾਲ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਮੁਸ਼ਕਲ ਘੜੀ ਵਿੱਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹ, ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।”











