ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਯਾਨੀ ਅੱਜ ਤੋਂ ਤੋਂ ਸ਼ੁਰੂ ਹੋ ਗਿਆ ਹੈ। ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਸੂਬਾ ਸਰਕਾਰ ਵੱਲੋਂ ਖਰੀਦ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸੀਜ਼ਨ ਲਈ ਸਰਕਾਰ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਵੀ ਮਨਜ਼ੂਰ ਹੋ ਚੁੱਕੀ ਹੈ।
ਸਰਕਾਰ ਨੇ ਇਸ ਵਾਰ ਸੂਬੇ ਵਿੱਚੋਂ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਤੈਅ ਕੀਤਾ ਹੈ। ਗ੍ਰੇਡ-ਏ ਝੋਨੇ ਲਈ MSP 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।
1,887 ਮੰਡੀਆਂ ’ਚ ਫ਼ਸਲ ਦੀ ਆਮਦ ਲਈ ਪ੍ਰਬੰਧ
ਝੋਨੇ ਦੀ ਵੱਡੀ ਆਮਦ ਨੂੰ ਦੇਖਦਿਆਂ ਪੰਜਾਬ ਭਰ ਵਿੱਚ 1,887 ਮੰਡੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਲੋੜ ਪੈਣ ’ਤੇ ਵਾਧੂ ਖਰੀਦ ਕੇਂਦਰ ਵੀ ਖੋਲ੍ਹੇ ਜਾਣਗੇ। ਖਰੀਦ ਪ੍ਰਕਿਰਿਆ ਲਈ ਪੈਕਿੰਗ ਵਾਸਤੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਕੋਲ 5 ਲੱਖ ਬਰਦਾਨਾ ਪਹੁੰਚ ਚੁੱਕਾ ਹੈ।
ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਅਤੇ ਮੈਡੀਕਲ ਸਹੂਲਤਾਂ ਵੀ ਸ਼ਾਮਲ ਹਨ।
ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਜਾਬ ਤੋਂ ਬਾਹਰੋਂ ਝੋਨੇ ਦੀ ਗੈਰ-ਅਧਿਕਾਰਤ ਆਮਦ ’ਤੇ ਨਜ਼ਰ ਰੱਖਣ ਲਈ ਵੀ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਕਰਨ ਲਈ ਕਿਹਾ ਹੈ।
ਮੰਤਰੀ ਕਰਨਗੇ ਮੰਡੀਆਂ ਦਾ ਦੌਰਾ
ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਉਹ ਖੁਦ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਸਾਰੇ ਸਬੰਧਤ ਧਿਰਾਂ ਅਤੇ ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ’ਚ ਵੀ ਵਾਧਾ
2026 ਦੇ ਖਰੀਫ਼ ਸੀਜ਼ਨ ਦੌਰਾਨ ਪੰਜਾਬ ਵਿੱਚ ਡਾਇਰੈਕਟ ਸੀਡਡ ਰਾਈਸ (DSR) ਤਕਨੀਕ ਨਾਲ ਝੋਨੇ ਦੀ ਬਿਜਾਈ ਹੇਠ ਰਕਬਾ ਵੀ ਵਧਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ DSR ਤਹਿਤ ਰਕਬਾ 4 ਲੱਖ ਏਕੜ ਤੋਂ ਪਾਰ ਹੋ ਗਿਆ ਹੈ।
ਪਿਛਲੇ ਸਾਲ DSR ਤਹਿਤ ਲਗਭਗ 2.94 ਲੱਖ ਏਕੜ ਰਕਬਾ ਸੀ। ਇਸ ਤਰ੍ਹਾਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ਵਿੱਚ ਕਰੀਬ 36 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।











