ਨਵੀਂ ਦਿੱਲੀ: ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੋਏ ਵਿਦਿਆਰਥੀ ਅੰਦੋਲਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਮਹੱਤਵਪੂਰਨ ਕਦਮਾਂ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰੀਖਿਆ ਸੁਧਾਰਾਂ ਲਈ ਇੱਕ ਉੱਚ-ਸ਼ਕਤੀਸ਼ਾਲੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਇਨਫੋਸਿਸ ਦੇ ਸਹਿ-ਸੰਸਥਾਪਕ ਨੰਦਨ ਨੀਲੇਕਣੀ ਕਰਨਗੇ।
ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪ੍ਰੀਖਿਆਵਾਂ ਦੀ ਪਵਿੱਤਰਤਾ ਨਾਲ ਖਿਲਵਾੜ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹਨ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਸੰਸਦ ਵਿੱਚ ਇੱਕ ਨਵਾਂ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਪੇਪਰ ਲੀਕ ਅਤੇ ਪ੍ਰੀਖਿਆ ਧੋਖਾਧੜੀ ਨਾਲ ਜੁੜੇ ਦੋਸ਼ੀਆਂ ਲਈ ਹੋਰ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦੇਣਾ ਹੀ ਕਾਫ਼ੀ ਨਹੀਂ, ਸਗੋਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰੀਖਿਆ ਪ੍ਰਣਾਲੀ ਵਿੱਚ ਢਾਂਚਾਗਤ ਸੁਧਾਰ ਵੀ ਲਾਜ਼ਮੀ ਹਨ।
ਸਰਕਾਰ ਵੱਲੋਂ ਬਣਾਈ ਗਈ ਛੇ ਮੈਂਬਰੀ ਟਾਸਕ ਫੋਰਸ ਦੇ ਚੇਅਰਮੈਨ ਨੰਦਨ ਨੀਲੇਕਣੀ ਹੋਣਗੇ। ਇਹ ਟੀਮ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਸੁਰੱਖਿਅਤ, ਪਾਰਦਰਸ਼ੀ ਅਤੇ ਤਕਨਾਲੋਜੀ-ਆਧਾਰਿਤ ਬਣਾਉਣ ਲਈ ਆਪਣੀਆਂ ਸਿਫ਼ਾਰਸ਼ਾਂ ਦੇਵੇਗੀ। ਸਰਕਾਰ ਦਾ ਮੰਨਣਾ ਹੈ ਕਿ ਡਿਜ਼ੀਟਲ ਤਕਨਾਲੋਜੀ ਅਤੇ ਆਧੁਨਿਕ ਸੁਰੱਖਿਆ ਪ੍ਰਣਾਲੀਆਂ ਦੀ ਵਰਤੋਂ ਨਾਲ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮਿਹਨਤ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਅਜਿਹੀ ਪ੍ਰੀਖਿਆ ਪ੍ਰਣਾਲੀ ਤਿਆਰ ਕਰਨਾ ਹੈ ਜਿਸ ‘ਤੇ ਹਰ ਵਿਦਿਆਰਥੀ ਅਤੇ ਮਾਪੇ ਪੂਰਾ ਭਰੋਸਾ ਕਰ ਸਕਣ। ਹੁਣ ਸਭ ਦੀ ਨਜ਼ਰ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਨਵੇਂ ਕਾਨੂੰਨ ਅਤੇ ਟਾਸਕ ਫੋਰਸ ਦੀਆਂ ਸਿਫ਼ਾਰਸ਼ਾਂ ‘ਤੇ ਟਿਕੀ ਹੋਈ ਹੈ।












