ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਅਤੇ ਅਮਰੀਕਾ ਸਮੇਤ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਅਤੇ ਧਾਰਮਿਕ ਸਥਾਨਾਂ ਵਿਰੁੱਧ ਵਾਪਰ ਰਹੀਆਂ ਨਫ਼ਰਤੀ ਘਟਨਾਵਾਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੰਦੀ ਹੈ ਸਿੱਖੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖੀ ਦਾ ਮੁੱਖ ਸੰਕਲਪ ‘ਸਰਬੱਤ ਦੇ ਭਲੇ’ ’ਤੇ ਆਧਾਰਿਤ ਹੈ। ਸਿੱਖ ਧਰਮ ਵਿੱਚ ਕਿਸੇ ਪ੍ਰਤੀ ਨਫ਼ਰਤ, ਜਾਤ-ਪਾਤ ਜਾਂ ਊਚ-ਨੀਚ ਲਈ ਕੋਈ ਥਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ, ਬਰਾਬਰੀ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਹਨ, ਜਿਸ ਵਿੱਚ ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਦਰਜ ਹੈ।
ਉਨ੍ਹਾਂ ਕਿਹਾ ਕਿ ਹਰ ਸਿੱਖ ਰੋਜ਼ਾਨਾ ਅਰਦਾਸ ਦੇ ਅੰਤ ਵਿੱਚ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੀ ਅਰਦਾਸ ਕਰਦਾ ਹੈ। ਇਸ ਲਈ ਸਿੱਖ ਭਾਈਚਾਰੇ ਜਾਂ ਕਿਸੇ ਹੋਰ ਧਰਮ ਪ੍ਰਤੀ ਨਫ਼ਰਤ ਫੈਲਾਉਣ ਵਾਲੀਆਂ ਘਟਨਾਵਾਂ ਸਿੱਖੀ ਦੇ ਮੂਲ ਸਿਧਾਂਤਾਂ ਦੇ ਬਿਲਕੁਲ ਉਲਟ ਹਨ।
ਕੈਨੇਡਾ ਦੀ ਤਰੱਕੀ ਵਿੱਚ ਸਿੱਖਾਂ ਦਾ ਵੱਡਾ ਯੋਗਦਾਨ
SGPC ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਭਾਈਚਾਰੇ ਦੀ ਮਜ਼ਬੂਤ ਮੌਜੂਦਗੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਨੇਡਾ ਅਤੇ ਅਮਰੀਕਾ ਦੀ ਅਰਥਵਿਵਸਥਾ ਅਤੇ ਵਿਕਾਸ ਵਿੱਚ ਸਿੱਖ ਭਾਈਚਾਰਾ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਤੋਂ ਵਿਦੇਸ਼ਾਂ ਵਿੱਚ ਪੈਸਾ ਜਾਂਦਾ ਸੀ, ਪਰ ਅੱਜ ਪੰਜਾਬੀ ਵਿਦੇਸ਼ਾਂ ਵਿੱਚ ਵੱਡੇ ਕਾਰੋਬਾਰ ਸਥਾਪਤ ਕਰਕੇ ਉੱਥੋਂ ਦੀ ਆਰਥਿਕ ਤਰੱਕੀ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ।
ਨਫ਼ਰਤ ਫੈਲਾਉਣ ਵਾਲੇ ਅਨਸਰਾਂ ’ਤੇ ਹੋਵੇ ਸਖ਼ਤੀ
ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਸਮਝ ਤੋਂ ਦੂਰ ਕੁਝ ਅਨਸਰ ਨਫ਼ਰਤ ਫੈਲਾਉਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ’ਤੇ ਠੱਲ੍ਹ ਪਾਉਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਖੂਬਸੂਰਤੀ ਇਹ ਹੈ ਕਿ ਗੁਰਸ਼ਬਦ ਦੀ ਸ਼ਰਨ ਵਿੱਚ ਆਉਣ ਵਾਲੇ ਹਰ ਮਨੁੱਖ ਨੂੰ ਪਿਆਰ ਅਤੇ ਸਤਿਕਾਰ ਨਾਲ ਗਲਵਕੜੀ ਪਾਈ ਜਾਂਦੀ ਹੈ। ਇਸ ਲਈ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਘਟਨਾਵਾਂ ਨਾ ਸਿਰਫ਼ ਮੰਦਭਾਗੀਆਂ ਹਨ, ਸਗੋਂ ਸਮਾਜਕ ਸਾਂਝ ਅਤੇ ਮਨੁੱਖੀ ਭਾਈਚਾਰੇ ਲਈ ਵੀ ਚਿੰਤਾਜਨਕ ਹਨ।
