ਪੰਜਾਬ : ਫਿਰੋਜ਼ਪੁਰ ਦੇ ਮੱਖੂ ਕਸਬੇ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਕਰਿਆਨੇ ਦੀ ਦੁਕਾਨ ਦਾ ਮਾਲਕ ਸੀ। ਦੱਸਿਆ ਜਾ ਰਿਹਾ ਹੈ ਕਿ ਪੀੜਤ ਆਪਣੀ ਦੁਕਾਨ ‘ਤੇ ਸੀ ਜਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਗੁਰਚਰਨ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ, ਰਾਹਗੀਰਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਹ ਜ਼ਖਮੀਆਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਇਸ ਦੁਖਾਂਤ ਦੇ ਮੱਦੇਨਜ਼ਰ, ਪੀੜਤ ਦੇ ਪਰਿਵਾਰਕ ਮੈਂਬਰ ਸੋਗ ਨਾਲ ਬੇਹਾਲ ਹਨ, ਜਦੋਂ ਕਿ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਿਲਹਾਲ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
