Home ਪੰਜਾਬ ਡੇਰਾ ਬਾਬਾ ਨਾਨਕ ’ਚ ਮੁੜ ਗੋਲੀਆਂ ਦੀ ਗੂੰਜ, 35 ਸਾਲਾ ਨੌਜਵਾਨ ਦਾ...

ਡੇਰਾ ਬਾਬਾ ਨਾਨਕ ’ਚ ਮੁੜ ਗੋਲੀਆਂ ਦੀ ਗੂੰਜ, 35 ਸਾਲਾ ਨੌਜਵਾਨ ਦਾ ਕਤਲ

0

ਡੇਰਾ ਬਾਬਾ ਨਾਨਕ: ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮੱਲਿਆਂਵਾਲ ਵਿੱਚ ਐਤਵਾਰ ਦੇਰ ਸ਼ਾਮ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸੇ ਦੌਰਾਨ ਕੁਝ ਵਿਅਕਤੀ ਪੈਦਲ ਉਸ ਦੇ ਕੋਲ ਪਹੁੰਚੇ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ।

ਪਰਿਵਾਰ ਦਾ ਦੋਸ਼ ਹੈ ਕਿ ਗੱਲਬਾਤ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਹਮਲਾਵਰਾਂ ਵੱਲੋਂ ਫਲਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਹਸਪਤਾਲ ਲਿਆਂਦੇ ਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇਹ ਨੂੰ ਮੋਰਚਰੀ ਵਿੱਚ ਰਖਵਾ ਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਿੱਚ ਸ਼ਰੀਕੇ ਨਾਲ ਸਬੰਧਤ ਵਿਵਾਦ ਨੂੰ ਲੈ ਕੇ ਪਹਿਲਾਂ ਤੋਂ ਤਣਾਅ ਚੱਲ ਰਿਹਾ ਸੀ। ਉਨ੍ਹਾਂ ਮੁਤਾਬਕ ਪਰਿਵਾਰ ਵਿੱਚ ਪਹਿਲਾਂ ਇੱਕ ਕੰਬਾਈਨ ਸੀ, ਜਦਕਿ ਬਾਅਦ ਵਿੱਚ ਫਲਜੀਤ ਸਿੰਘ ਨੇ ਵੀ ਆਪਣੀ ਕੰਬਾਈਨ ਖਰੀਦ ਲਈ ਸੀ। ਇਸ ਤੋਂ ਬਾਅਦ ਕੰਬਾਈਨ ਦੇ ਕੰਮ ਨੂੰ ਲੈ ਕੇ ਦੋਵਾਂ ਪੱਖਾਂ ਵਿਚਕਾਰ ਰੰਜਿਸ਼ ਪੈਦਾ ਹੋਣ ਦੀ ਗੱਲ ਪਰਿਵਾਰ ਵੱਲੋਂ ਕਹੀ ਜਾ ਰਹੀ ਹੈ।

ਪਰਿਵਾਰ ਨੇ ਇਹ ਵੀ ਦੱਸਿਆ ਕਿ ਫਲਜੀਤ ਸਿੰਘ ਦੇ ਪਿਤਾ ਦੀ ਕਰੀਬ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ। ਹੁਣ ਨੌਜਵਾਨ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸਿਆ ਗਿਆ ਹੈ ਕਿ ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ।

ਫਿਲਹਾਲ ਗੋਲੀਕਾਂਡ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੌਣ ਸਨ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਪੂਰੀ ਸਥਿਤੀ ਸਪਸ਼ਟ ਹੋਵੇਗੀ। ਘਟਨਾ ਤੋਂ ਬਾਅਦ ਪਿੰਡ ਮੱਲਿਆਂਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version