ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਭਗੌੜਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਚੈਕਿੰਗ ਅਤੇ ਨਾਕਾਬੰਦੀ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ 2 ਦਿਨਾਂ ਦੌਰਾਨ ਪੁਲਿਸ ਨੇ ਕਈ ਭਗੌੜਿਆਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਇਸ ਮੁਹਿੰਮ ਤਹਿਤ ਥਾਣਾ ਤਿੱਬੜ ਪੁਲਿਸ ਨੇ ਨਾਕਾਬੰਦੀ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮਹਿੰਦਰਾ ਮੈਟਾਡੋਰ ਨੂੰ ਰੋਕ ਕੇ ਤਲਾਸ਼ੀ ਲਈ ਗਈ । ਤਲਾਸ਼ੀ ਦੌਰਾਨ ਗੱਡੀ ‘ਚੋਂ 6 ਲੱਖ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ’ਤੇ ਗੱਡੀ ਚਲਾ ਰਹੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦੋਂ ਕਿ ਉਸ ਦਾ ਦੂਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।
ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਨਾਜਾਇਜ਼ ਸ਼ਰਾਬ ਕਾਹਨੂੰਵਾਨ ਤੋਂ ਧਾਰੀਵਾਲ ਵਿਖੇ ਵਿਕਰੀ ਲਈ ਲਿਜਾਈ ਜਾ ਰਹੀ ਸੀ। ਫੜੇ ਗਏ ਮੁਲਜ਼ਮ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਾਜਾਇਜ਼ ਸ਼ਰਾਬ ਦੀ ਸਪਲਾਈ ਵਿੱਚ ਸ਼ਾਮਲ ਹੋਰ ਵਿਅਕਤੀਆਂ ਤੱਕ ਵੀ ਪਹੁੰਚ ਕੀਤੀ ਜਾ ਸਕੇ। ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਨਜਾਇਜ਼ ਸ਼ਰਾਬ ਦੀ ਸਪਲਾਈ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।
ਪੁਲਿਸ ਨੇ ਦੂਜੇ ਫਰਾਰ ਮੁਲਜ਼ਮ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਨਸ਼ਿਆਂ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚੈਕਿੰਗ ਅਤੇ ਨਾਕਾਬੰਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
