ਚੰਡੀਗੜ੍ਹ: ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਕੁਝ ਥਾਵਾਂ ‘ਤੇ ਗੜੇਮਾਰੀ ਵੀ ਦਰਜ ਕੀਤੀ ਗਈ ਹੈ। ਠੰਢੀਆਂ ਹਵਾਵਾਂ ਨੇ ਠੰਢ ਨੂੰ ਇੱਕ ਵਾਰ ਫਿਰ ਵਧਾ ਦਿੱਤਾ ਹੈ ਅਤੇ ਮੌਸਮ ਨੇ ਕਰਵਟ ਲੈ ਲਈ ਹੈ।
ਰਿਪੋਰਟਾਂ ਅਨੁਸਾਰ, ਰੂਪਨਗਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਈ ਹੈ। ਜਲੰਧਰ, ਲੁਧਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਸੰਗਰੂਰ, ਪਟਿਆਲਾ, ਮੋਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਤੋਂ ਇਲਾਵਾ, ਪੂਰੇ ਸੂਬੇ ਲਈ “ਯੈਲੋ ਅਲਰਟ ” ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦਿਨ ਭਰ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ, ਭਲਕੇ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰ ਤੋਂ ਹੀ ਪੈ ਰਹੇ ਮੀਂਹ ਅਤੇ ਗੜੇਮਾਰੀ ਨੇ ਇੱਕ ਵਾਰ ਫਿਰ ਠੰਢ ਨੂੰ ਵਧਾ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਉਤਰਾਅ-ਚੜ੍ਹਾਅ ਦੀ ਉਮੀਦ ਹੈ।











