ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਅਕਾਲ ਚਲਾਣੇ ’ਤੇ ਪੰਜਾਬ ਸਰਕਾਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਸਮਾਜਿਕ ਅਤੇ ਸਿਆਸੀ ਯੋਗਦਾਨ ਨੂੰ ਯਾਦ ਕੀਤਾ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਭਗਤ ਚੁੰਨੀ ਲਾਲ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਅਤੇ ਪੂਰਨਿਆਂ ’ਤੇ ਚਲਦਿਆਂ ਦੱਬੇ-ਕੁਚਲੇ ਵਰਗਾਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਲੰਬਾ ਸੰਘਰਸ਼ ਕੀਤਾ।
ਪੰਜਾਬ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਭਗਤ ਚੁੰਨੀ ਲਾਲ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ਨੂੰ ਪੰਜਾਬ ਲਈ ਇੱਕ ਵੱਡਾ ਦੁੱਖ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਭਗਤ ਚੁੰਨੀ ਲਾਲ ਦੇ ਅਕਾਲ ਚਲਾਣੇ ਨਾਲ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਵੱਖ-ਵੱਖ ਆਗੂਆਂ ਵੱਲੋਂ ਵੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਮਾਜ ਦੇ ਪੱਛੜੇ ਵਰਗਾਂ ਲਈ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।
