ਚੰਡੀਗੜ੍ਹ : ਭਾਜਪਾ ਵੱਲੋਂ ਕਾਂਗਰਸ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਹਿੱਸੇ ਵਜੋਂ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਦੇ ਬਾਹਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇ ਕਾਂਗਰਸ ‘ਤੇ ‘ਅਰਾਜਕਤਾ, ਪਾਖੰਡ ਅਤੇ ਪ੍ਰਚਾਰ ਦੀ ਰਾਜਨੀਤੀ’ ਕਰਨ ਅਤੇ ਤੰਗ ਸਿਆਸੀ ਲਾਭ ਲਈ ਨੀਟ ਮੁੱਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ।
ਭਾਜਪਾ ਦੇ ਕੱਟੜ ਵਰਕਰਾਂ ਨੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਕਾਂਗਰਸ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਚੰਡੀਗੜ੍ਹ ਪੁਲਿਸ ਨੇ ਭਾਰੀ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸੈਂਕੜੇ ਵਰਕਰਾਂ ਨੂੰ ਅਹਿਤਿਆਤ ਵਜੋਂ ਹਿਰਾਸਤ ਵਿੱਚ ਲੈ ਕੇ ਸੈਕਟਰ-11 ਥਾਣੇ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਗ੍ਰਿਫ਼ਤਾਰੀ ਤੋਂ ਪਹਿਲਾਂ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲਗਾਤਾਰ ਚੋਣ ਹਾਰਾਂ ਤੋਂ ਬਾਅਦ ਕਾਂਗਰਸ ਨੇ ਜਵਾਬਦੇਹੀ ਤੋਂ ਭੱਜਦੇ ਹੋਏ ਇੱਕ ਵਾਰ ਫਿਰ ਅੰਦੋਲਨ ਦੀ ਰਾਜਨੀਤੀ ਦਾ ਰਾਹ ਚੁਣਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਪਣੇ ਘਟਦੇ ਸਿਆਸੀ ਮੈਦਾਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਸਿਆਸੀ ਮੋਹਰੇ ਵਜੋਂ ਵਰਤ ਰਹੀ ਹੈ।
ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਢਿੱਲੋਂ ਨੇ ਦੋਸ਼ ਲਾਇਆ ਕਿ ਵਿਦੇਸ਼ ਦੌਰਿਆਂ ਤੋਂ ਪਰਤ ਕੇ ਉਨ੍ਹਾਂ ਨੇ ਇਕ ਵਾਰ ਫਿਰ ਵਿਦਿਆਰਥੀਆਂ ਦੇ ਨਾਂ ‘ਤੇ ਸਿਆਸੀ ਡਰਾਮਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵਿਦਿਆਰਥੀਆਂ ਦੇ ਇਨਸਾਫ਼ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਸਿਆਸੀ ਵਿਵਾਦ ਖੜ੍ਹਾ ਕਰਨ ਵਿੱਚ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੇ ਦਿਨ ਹੀ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਅਤੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ।
