ਸ੍ਰੀ ਕੀਰਤਪੁਰ ਸਾਹਿਬ : ਰਾਸ਼ਟਰੀ ਰਾਜਮਾਰਗ ਨੰਬਰ 21 (205) ‘ਤੇ ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਸੜਕ ‘ਤੇ ਪਿੰਡ ਬੜੂਵਾਲ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਰ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।
ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ (60), ਪੁੱਤਰ ਜੀਤ ਸਿੰਘ, ਪਿੰਡ ਬੜੂਵਾਲ ਅਤੇ ਵਿਸ਼ਵਨਾਥ (32), ਪੁੱਤਰ ਨੰਦ ਲਾਲ, ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਿੰਡ ਬੜੂਵਾਲ ਦੀ ਹੱਦ ਅੰਦਰ ਮੁੱਖ ਸੜਕ ਦੇ ਕਿਨਾਰੇ ਖੜ੍ਹੇ ਸਨ। ਇਸ ਦੌਰਾਨ, ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਫਰਾਰ ਥਾਰ ਡਰਾਈਵਰ ਦੀ ਭਾਲ ਕਰ ਰਹੀ ਹੈ।
