Homeਪੰਜਾਬਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਆਧੁਨਿਕ, ਗੁਣਵੱਤਾ-ਯੁਕਤ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਰੋਬੋਟਿਕ-ਅਸਿਸਟਡ ਸਰਜਰੀ ਇਸ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਰੋਬੋਟਿਕ ਤਕਨਾਲੋਜੀ ਦੀ ਮਦਦ ਨਾਲ ਕੀਤੀਆਂ ਜਾਣ ਵਾਲੀਆਂ ਆਰਥੋਪੈਡਿਕ ਸਰਜਰੀਆਂ ਪਹਿਲਾਂ ਨਾਲੋਂ ਵਧੇਰੇ ਸ਼ੁੱਧਤਾ, ਸੁਰੱਖਿਆ ਅਤੇ ਸਫਲਤਾ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਤਕਨਾਲੋਜੀ ਨਾਲ ਮਰੀਜ਼ ਨੂੰ ਆਪਰੇਸ਼ਨ ਤੋਂ ਬਾਅਦ ਦਰਦ ਵੀ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਮਰੀਜ਼ ਦੀ ਰਿਕਵਰੀ ਤੇਜ਼ੀ ਨਾਲ ਹੁੰਦੀ ਹੈ, ਜਿਸ ਕਾਰਨ ਉਹ ਆਮ ਜ਼ਿੰਦਗੀ ਵੱਲ ਜਲਦੀ ਵਾਪਸੀ ਕਰ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਵਿੱਚ ਇਹ ਧਾਰਨਾ ਬਣੀ ਹੋਈ ਹੈ ਕਿ ਰੋਬੋਟਿਕ ਸਰਜਰੀ ਬਹੁਤ ਮਹਿੰਗੀ ਹੁੰਦੀ ਹੈ, ਪਰ ਇਹ ਲਾਜ਼ਮੀ ਨਹੀਂ। ਇਸ ਤਕਨਾਲੋਜੀ ਦਾ ਉਦੇਸ਼ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਤੇਜ਼ ਸਿਹਤਯਾਬੀ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਹੂਲਤ ਨਾਲ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਅਜਿਹੇ ਇਲਾਜ ਲਈ ਦੂਜੇ ਮਹਾਂਨਗਰਾਂ ਦਾ ਰੁਖ ਨਹੀਂ ਕਰਨਾ ਪਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਇਸ ਨਵੀਂ ਸਹੂਲਤ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਨੇੜਲੇ ਰਾਜਾਂ ਦੇ ਮਰੀਜ਼ਾਂ ਨੂੰ ਵੀ ਉੱਚ ਪੱਧਰੀ ਇਲਾਜ ਦਾ ਲਾਭ ਮਿਲੇਗਾ। ਇਸ ਨਾਲ ਨਾ ਸਿਰਫ਼ ਖੇਤਰੀ ਸਿਹਤ ਢਾਂਚਾ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਆਧੁਨਿਕ ਮੈਡੀਕਲ ਤਕਨਾਲੋਜੀ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਹਿਚਾਣ ਬਣਾਏਗਾ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਸਿਹਤ ਖੇਤਰ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਮਾਗਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਹਾਜ਼ਰ ਮਹਿਮਾਨਾਂ ਨੇ ਇਸ ਪਹਿਲ ਨੂੰ ਪੰਜਾਬ ਦੀ ਸਿਹਤ ਸੇਵਾਵਾਂ ਵਿੱਚ ਇੱਕ ਇਤਿਹਾਸਕ ਅਤੇ ਮੀਲ ਪੱਥਰ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਨਾਲ ਲੋਕਾਂ ਦਾ ਇਲਾਜ ਹੋਰ ਪ੍ਰਭਾਵਸ਼ਾਲੀ ਅਤੇ ਸੁਗਮ ਬਣੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments