ਪੰਜਾਬ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਿਆ ਹੈ। ਦੱਸ ਦੇਈਏ ਕਿ ਅੱਜ ਸਵੇਰੇ ਜਲੰਧਰ ਸਮੇਤ ਕਈ ਇਲਾਕਿਆਂ ‘ਚ ਮੀਂਹ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਹਲਕਾ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ।
ਤਾਪਮਾਨ ਵਿੱਚ ਵਾਧਾ
ਮੀਂਹ ਦੇ ਬਾਵਜੂਦ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਤਾਪਮਾਨ ਹਾਲੇ ਵੀ ਆਮ ਦੇ ਆਸਪਾਸ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਗਰਮ ਸਥਾਨ ਬਠਿੰਡਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਪਹਿਲਾਂ 5 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ। ਸਭ ਤੋਂ ਵੱਧ ਮੀਂਹ ਬਰਨਾਲਾ ਵਿੱਚ 12 ਮਿਲੀਮੀਟਰ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 6 ਮਿਲੀਮੀਟਰ, ਗੁਰਦਾਸਪੁਰ ‘ਚ 2 ਮਿਲੀਮੀਟਰ, ਜਦੋਂ ਕਿ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ‘ਚ ਕਰੀਬ 1.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਠਾਨਕੋਟ ਵਿੱਚ ਹਲਕਾ ਮੀਂਹ ਪਿਆ ।












