ਸਮਰਾਲਾ : ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦਾ ਲਾਭ ਲੈਣ ਲਈ ਭਾਰਤ ਸਰਕਾਰ ਨੇ ਆਖਰੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਤਹਿਤ ਕੱਚੇ ਘਰਾਂ ਨੂੰ ਪੱਕੇ ਘਰਾਂ ਵਿੱਚ ਬਦਲਣ ਲਈ ਨਵੇਂ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੋਬਾਈਲ ਐਪ ‘ਆਵਾਸ ਪਲੱਸ 2024’ ਪਹਿਲਾਂ 15 ਮਈ ਤੱਕ ਖੋਲ੍ਹੀ ਗਈ ਸੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪੇਂਡੂ ਖੇਤਰਾਂ ਦੇ ਕੁੱਲ 39,117 ਲੋਕਾਂ ਨੇ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਨਾਮ ਰਜਿਸਟਰ ਕਰਵਾਏ ਹਨ। ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ, ਇਸ ਸਰਵੇਖਣ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।
ਇਸ ਦੌਰਾਨ, ਪਿੰਡ-ਪਿੰਡ ਜਾ ਕੇ ਸਰਵੇਖਣ ਰਾਹੀਂ ਯੋਗ ਲਾਭਪਾਤਰੀਆਂ ਦੀ ਐਂਟਰੀ ਕੀਤੀ ਜਾਵੇਗੀ। ਇਸ ਲਈ, ਹਰ ਪਿੰਡ ਵਿੱਚ ਵੱਖਰੇ ਸਰਵੇਖਣਕਰਤਾ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ। ਇਸ ਮੋਬਾਈਲ ਐਪ ‘ਤੇ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲਾਭਪਾਤਰੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਂਦੀ। ਏ.ਡੀ.ਸੀ. ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।
