Home ਯੂਪੀ ਖ਼ਬਰਾਂ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ’ਚ ਦੋ ਸਕੂਲ ਬੱਸਾਂ ਦੀ ਜ਼ਬਰਦਸਤ ਟੱਕਰ,...

ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ’ਚ ਦੋ ਸਕੂਲ ਬੱਸਾਂ ਦੀ ਜ਼ਬਰਦਸਤ ਟੱਕਰ, 12 ਤੋਂ ਵੱਧ ਬੱਚੇ ਜ਼ਖ਼ਮੀ

0

ਨੋਇਡਾ : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਸਕੂਲ ਬੱਸ ਨੇ ਦੂਜੀ ਸਕੂਲ ਦੀ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਦੌਰਾਨ 12 ਤੋਂ ਵੱਧ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਚਿਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।

ਜਾਣਕਾਰੀ ਦੇ ਅਨੁਸਾਰ, ਦਾਦਰੀ ਥਾਣਾ ਖੇਤਰ ਦੇ ਰੂਪਵਾਸ ਪਿੰਡ ਨੇੜੇ ਇਹ ਹਾਦਸਾ ਸਵੇਰੇ 7:30 ਵਜੇ ਵਾਪਰਿਆ। ਜੀਸਸ ਮੈਰੀ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਭਰੀ ਬੱਸ ਦੀ ਰਾਮ ਯੱਗ ਸਕੂਲ ਦੀ ਬੱਸ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਘਟਨਾ ਵੇਲੇ ਜੀਸਸ ਮੈਰੀ ਸਕੂਲ ਦੀ ਬੱਸ ਵਿੱਚ ਲਗਭਗ 25 ਬੱਚੇ ਸਵਾਰ ਸਨ, ਜਦੋਂ ਕਿ ਦੂਸਰੀ ਬੱਸ ਖਾਲੀ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਬਾਅਦ, ਬੱਚਿਆਂ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਦੌੜ ਪਏ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ, ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬੱਸ ਡਰਾਈਵਰ ਨੂੰ ਬਾਹਰ ਕੱਢਿਆ ਗਿਆ।

ਡਰਾਈਵਰ ਦੀ ਹਾਲਤ ਨਾਜ਼ੁਕ

ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਕੁਝ ਨੂੰ ਸਿਰ ਵਿੱਚ ਗੰਭੀਰ ਸੱਟਾਂ ਕਾਰਨ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਕੂਲ ਬੱਸ ਡਰਾਈਵਰ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ। ਉਸਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ ਅਤੇ ਉਸਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਦੇ ਅਨੁਸਾਰ, ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਜੀਸਸ ਮੈਰੀ ਸਕੂਲ ਦੇ ਬਾਰਾਂ ਵਿਦਿਆਰਥੀ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਮਾਪੇ ਪਹੁੰਚ ਗਏ।

ਸੀ.ਸੀ.ਟੀ.ਵੀ. ਫੁਟੇਜ ਆਇਆ ਸਾਹਮਣੇ

ਸਾਰੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਸਕੂਲ ਬੱਸਾਂ ਵਿਚਕਾਰ ਆਹਮੋ-ਸਾਹਮਣੇ ਟੱਕਰ ਦਿੱਖ ਰਹੀ ਹੈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟੱਕਰ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ ਅਤੇ ਨੇੜਲੇ ਘਰਾਂ ਦੇ ਲੋਕ ਬਾਹਰ ਆ ਗਏ।

ਲਾਪਰਵਾਹੀ ‘ਤੇ ਉਠਾਏ ਗਏ ਸਵਾਲ

ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਲਾਪਰਵਾਹੀ ਇੱਕ ਵੱਡਾ ਕਾਰਨ ਹੋ ਸਕਦੀ ਹੈ। ਇਸ ਦੌਰਾਨ ਮਾਪਿਆਂ ਨੇ ਬੱਚਿਆਂ ਲਈ ਸੁਰੱਖਿਆ ਪ੍ਰਬੰਧਾਂ ਅਤੇ ਡਰਾਈਵਰ ਦੀ ਲਾਪਰਵਾਹੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਬੱਸਾਂ ਦੀ ਤੇਜ਼ ਰਫ਼ਤਾਰ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਸਕਦੀ ਹੈ।

ਪੁਲਿਸ ਨੇ ਕੀ ਕਿਹਾ

ਐਡੀਸ਼ਨਲ ਡੀਸੀਪੀ ਗ੍ਰੇਟਰ ਨੋਇਡਾ, ਸੁਧੀਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ, ਪੁਲਿਸ ਨੂੰ ਡਾਇਲ 112 ਤੋਂ ਦੋ ਸਕੂਲ ਬੱਸਾਂ ਵਿਚਕਾਰ ਟੱਕਰ ਹੋਣ ਦੀ ਸੂਚਨਾ ਮਿਲੀ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਾਰੇ ਸਕੂਲੀ ਬੱਚਿਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬੱਸ ਡਰਾਈਵਰ ਨੂੰ ਬਚਾਇਆ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੂਜੀ ਬੱਸ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ ਅਤੇ ਉਸਦੀ ਭਾਲ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version