Homeਸੰਸਾਰਲਾਹੌਰ ਵਿਖੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਲਾਹੌਰ ਵਿਖੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਸਿੰਪੋਜ਼ੀਅਮ

ਲਾਹੌਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮਨੁੱਖੀ ਅਧਿਕਾਰ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਵਿਭਾਗ ਵੱਲੋਂ ਲਾਹੌਰ ਵਿਖੇ ‘ਵਿਸ਼ਵ ਸ਼ਾਂਤੀ ਦੇ ਪਸਾਰ ਵਿੱਚ ਸਿੱਖ ਭਾਈਚਾਰੇ ਦੀ ਭੂਮਿਕਾ ਅਤੇ ਸੇਵਾਵਾਂ’ ਵਿਸ਼ੇ ‘ਤੇ ਇੱਕ ਵਿਸ਼ਾਲ ਕੌਮਾਂਤਰੀ ਸਿੰਪੋਜ਼ੀਅਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਾਕਿਸਤਾਨ ਦੇ ਸੰਘੀ ਯੋਜਨਾਬੰਦੀ ਤੇ ਵਿਕਾਸ ਮੰਤਰੀ ਪ੍ਰੋ. ਅਹਿਸਨ ਇਕਬਾਲ, ਸੂਬਾਈ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪੀ.ਐਸ.ਜੀ.ਪੀ.ਸੀ. ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕੈਨੇਡਾ, ਅਮਰੀਕਾ, ਮਲੇਸ਼ੀਆ, ਆਸਟ੍ਰੇਲੀਆ ਅਤੇ ਭਾਰਤ ਸਮੇਤ ਦੁਨੀਆ ਭਰ ਤੋਂ ਪੁੱਜੇ ਸਿੱਖ ਨੁਮਾਇੰਦਿਆਂ, ਧਾਰਮਿਕ ਆਗੂਆਂ, ਸਕੱਤਰ ਮਨੁੱਖੀ ਅਧਿਕਾਰ ਡਾ. ਉਸਮਾਨ ਅਲੀ ਖਾਨ ਅਤੇ ਸਕੱਤਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨਾਸਿਰ ਮੁਸ਼ਤਾਕ ਨੇ ਵੀ ਹਾਜ਼ਰੀ ਭਰੀ।

ਸਿੰਪੋਜ਼ੀਅਮ ਨੂੰ ਸੰਬੋਧਨ ਕਰਦਿਆਂ ਸੰਘੀ ਮੰਤਰੀ ਪ੍ਰੋ. ਅਹਿਸਨ ਇਕਬਾਲ ਨੇ ਸਮੂਹ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸ਼ਾਂਤੀ, ਪ੍ਰੇਮ, ਬਰਾਬਰੀ ਅਤੇ ਸਦਭਾਵਨਾ ਦਾ ਸਰਬ-ਸਾਂਝਾ ਸੰਦੇਸ਼ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੁਨੀਆ ਵਿੱਚ ਨਫ਼ਰਤ ਦੀਆਂ ਦੀਵਾਰਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਗੁਰੂ ਘਰਾਂ ਦੇ ਲੰਗਰ ਇਸ ਗੱਲ ਦੀ ਜਿਊਂਦੀ-ਜਾਗਦੀ ਮਿਸਾਲ ਹਨ ਕਿ ਬਿਨਾਂ ਕਿਸੇ ਧਰਮ ਜਾਂ ਜਾਤ ਦੇ ਭੇਦਭਾਵ ਤੋਂ ਮਨੁੱਖੀ ਸਾਂਝ ਰਾਹੀਂ ਨਫ਼ਰਤ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਕਿਸਤਾਨ ਵਿੱਚ ਹਰ ਘੱਟ ਗਿਣਤੀ ਭਾਈਚਾਰੇ ਦੀਆਂ ਇਬਾਦਤਗਾਹਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਅਸੁਰੱਖਿਆ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਸੂਬਾਈ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀ ਅਗਵਾਈ ਹੇਠ ਪੰਜਾਬ ਭਰ ਦੇ ਇਤਿਹਾਸਕ ਗੁਰਧਾਮਾਂ ਨੂੰ ਉਨ੍ਹਾਂ ਦੀ ਪੁਰਾਤਨ ਦਿੱਖ ਅਨੁਸਾਰ ਮੁੜ ਬਹਾਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬੀਤੇ ਦਿਨੀਂ ਨੌਸ਼ਹਿਰਾ ਵਿਰਕਾਂ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦਾ ਵੀ 80 ਸਾਲਾਂ ਬਾਅਦ ਮੁੜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕੁਦਰਤੀ ਆਫ਼ਤਾਂ ਅਤੇ ਸੰਕਟਾਂ ਸਮੇਂ ਸਿੱਖ ਕੌਮ ਵੱਲੋਂ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਵਿਰਸੇ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments