ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਦਿੱਲੀ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਪ੍ਰਸ਼ਾਸਨ ਤੋਂ ਲਾਰੈਂਸ ਬਿਸ਼ਨੋਈ ਨੂੰ ਮਿਲਣ ਆਉਣ ਵਾਲੇ ਲੋਕਾਂ ਦੀ ਸੂਚੀ ਮੰਗੀ ਗਈ ਹੈ। ਪੁਲਿਸ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਲਾਰੈਂਸ ਆਪਣੇ ਗੈਂਗ ਦੀਆਂ ਗਤੀਵਿਧੀਆਂ ਕਿਵੇਂ ਚਲਾ ਰਿਹਾ ਹੈ ਅਤੇ ਕੀ ਉਸ ਦੇ ਮੁਲਾਕਾਤੀ ਉਸ ਦੇ ਸੁਨੇਹੇ ਬਾਹਰ ਪਹੁੰਚਾ ਰਹੇ ਹਨ।
ਜਾਣਕਾਰੀ ਮੁਤਾਬਕ, ਹਾਲ ਹੀ ਵਿੱਚ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿੱਚ ਇੱਕ ਨਿੱਜੀ ਹਸਪਤਾਲ ਦੇ ਮਾਲਕ ਤੋਂ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 20 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਸੀ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਕਈ ਘਟਨਾਵਾਂ ਵਿੱਚ ਵੀ ਲਾਰੈਂਸ ਗੈਂਗ ਦਾ ਨਾਮ ਸਾਹਮਣੇ ਆਇਆ ਹੈ।
ਇਸੇ ਤਰ੍ਹਾਂ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਵੀ ਲਾਰੈਂਸ ਗੈਂਗ ਦਾ ਨਾਮ ਸਾਹਮਣੇ ਆਇਆ ਸੀ। ਗੈਂਗ ਨਾਲ ਜੁੜੇ ਦੱਸੇ ਜਾਂਦੇ ਅਨਿਲ ਪੰਡਿਤ ਨੇ ਸੋਸ਼ਲ ਮੀਡੀਆ ‘ਤੇ ਇੱਕ ਆਡੀਓ ਸਾਂਝੀ ਕਰਕੇ ਫਾਇਰਿੰਗ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਉਸ ਨੇ ਇਹ ਵੀ ਕਿਹਾ ਸੀ ਕਿ ਬਾਲੀਵੁੱਡ ਦੇ ਹੋਰ ਵੱਡੇ ਅਦਾਕਾਰ ਵੀ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਤੋਂ ਬਾਅਦ ਕੁਝ ਅਦਾਕਾਰਾਂ ਦੇ ਘਰਾਂ ਦੀ ਸੁਰੱਖਿਆ ਵਧਾਈ ਗਈ ਸੀ।
ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ, ਸਾਬਰਮਤੀ ਜੇਲ੍ਹ ਪ੍ਰਸ਼ਾਸਨ ਤੋਂ ਲਾਰੈਂਸ ਨੂੰ ਮਿਲਣ ਵਾਲੇ ਲੋਕਾਂ ਦੀ ਸੂਚੀ ਦੇ ਨਾਲ-ਨਾਲ ਉਨ੍ਹਾਂ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ। ਜਾਂਚ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਕੀ ਮੁਲਾਕਾਤੀ ਜੇਲ੍ਹ ਤੋਂ ਬਾਹਰ ਗੈਂਗ ਦੇ ਸੁਨੇਹੇ ਪਹੁੰਚਾ ਰਹੇ ਹਨ ਜਾਂ ਫਿਰ ਕੁਝ ਲੋਕ ਲਾਰੈਂਸ ਬਿਸ਼ਨੋਈ ਦੇ ਨਾਮ ਦੀ ਵਰਤੋਂ ਕਰਕੇ ਆਪਣੇ ਤੌਰ ‘ਤੇ ਫਿਰੌਤੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਪਿਛਲੇ ਕਾਫ਼ੀ ਸਮੇਂ ਤੋਂ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਫਿਲਹਾਲ ਕਿਸੇ ਵੀ ਸੂਬੇ ਦੀ ਪੁਲਿਸ ਉਸ ਨੂੰ ਆਪਣੀ ਹਿਰਾਸਤ ਵਿੱਚ ਨਹੀਂ ਲੈ ਸਕਦੀ। ਜੇਕਰ ਕਿਸੇ ਜਾਂਚ ਏਜੰਸੀ ਨੂੰ ਉਸ ਤੋਂ ਪੁੱਛਗਿੱਛ ਕਰਨੀ ਹੋਵੇ ਤਾਂ ਸਾਬਰਮਤੀ ਜੇਲ੍ਹ ਵਿੱਚ ਜਾ ਕੇ ਹੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਹੁਣ ਦਿੱਲੀ ਪੁਲਿਸ ਦੀ ਇਸ ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਸਕੇਗਾ ਕਿ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਹੋ ਰਹੀਆਂ ਵਾਰਦਾਤਾਂ ਪਿੱਛੇ ਉਸ ਦੇ ਗੈਂਗ ਦੀ ਕੀ ਭੂਮਿਕਾ ਹੈ ਅਤੇ ਕਿਤੇ ਕੋਈ ਹੋਰ ਵਿਅਕਤੀ ਉਸ ਦੇ ਨਾਮ ਦਾ ਫਾਇਦਾ ਤਾਂ ਨਹੀਂ ਚੁੱਕ ਰਿਹਾ।










