Home ਪੰਜਾਬ ਪੰਜਾਬ ‘ਚ ਬਿਜਲੀ ਸੰਕਟ ਨੂੰ ਲੈ ਕੇ ਮੰਤਰੀ ਦਾ ਵੱਡਾ ਬਿਆਨ…

ਪੰਜਾਬ ‘ਚ ਬਿਜਲੀ ਸੰਕਟ ਨੂੰ ਲੈ ਕੇ ਮੰਤਰੀ ਦਾ ਵੱਡਾ ਬਿਆਨ…

0

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਲੋਕਾਂ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਤੋਂ ਆਪਣੇ ਹਿੱਸੇ ਦੇ ਮੁਕਾਬਲੇ ਕਰੀਬ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ ਹੈ। ਇਸ ਸਬੰਧੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

ਮੰਤਰੀ ਮੁਤਾਬਕ ਪੰਜਾਬ ਵਿੱਚ ਇਸ ਸਮੇਂ ਬਿਜਲੀ ਦੀ ਮੰਗ ਲਗਭਗ 17,000 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਦਕਿ ਉਪਲਬਧਤਾ ਕਰੀਬ 14,000 ਮੈਗਾਵਾਟ ਹੈ। ਇਸ ਤਰ੍ਹਾਂ ਸੂਬੇ ਵਿੱਚ ਲਗਭਗ 3,000 ਮੈਗਾਵਾਟ ਦੀ ਕਮੀ ਬਣੀ ਹੋਈ ਹੈ।

ਬੰਦ ਯੂਨਿਟਾਂ ਨੂੰ ਮੁੜ ਚਲਾਉਣ ਦੀ ਕੋਸ਼ਿਸ਼

ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ 10 ਬਿਜਲੀ ਉਤਪਾਦਨ ਯੂਨਿਟ ਚੱਲ ਰਹੇ ਹਨ। ਇਸ ਦੇ ਨਾਲ ਹੀ ਦੋ ਪ੍ਰਾਈਵੇਟ ਯੂਨਿਟ ਵੀ ਤਕਨੀਕੀ ਖਰਾਬੀ ਕਾਰਨ ਬੰਦ ਹੋਏ ਸਨ। ਇਨ੍ਹਾਂ ਵਿੱਚੋਂ ਇੱਕ ਯੂਨਿਟ ਨੂੰ ਬੀਤੀ ਰਾਤ ਮੁੜ ਚਾਲੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਕੀ ਦੋ ਯੂਨਿਟਾਂ ਨੂੰ ਵੀ ਅਗਲੇ 24 ਤੋਂ 48 ਘੰਟਿਆਂ ਵਿੱਚ ਚਾਲੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਚਾਲੂ ਹੋਣ ਨਾਲ ਕਰੀਬ 2,000 ਮੈਗਾਵਾਟ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਕੇਂਦਰ ਤੋਂ ਪੰਜਾਬ ਦਾ ਪੂਰਾ ਹਿੱਸਾ ਮੰਗਿਆ

ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਲਈ ਨਿਰਵਿਘਨ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਹਿੱਸਾ ਤੁਰੰਤ ਦੇਣਾ ਚਾਹੀਦਾ ਹੈ।

ਕੋਲੇ ਦੀ ਕਮੀ ਨਹੀਂ, ਮੰਤਰੀ ਦਾ ਦਾਅਵਾ

ਬਿਜਲੀ ਸੰਕਟ ਪਿੱਛੇ ਕੋਲੇ ਦੀ ਕਮੀ ਨੂੰ ਕਾਰਨ ਦੱਸੇ ਜਾਣ ਵਾਲੇ ਦਾਅਵਿਆਂ ਨੂੰ ਮੰਤਰੀ ਨੇ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਲਈ ਕੋਲੇ ਦੀ ਕੋਈ ਕਮੀ ਨਹੀਂ ਹੈ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਚਾਲੂ ਕੀਤੀ ਗਈ ਹੈ, ਜਿਸ ਕਾਰਨ ਸੂਬੇ ਦੇ ਆਪਣੇ ਬਿਜਲੀ ਉਤਪਾਦਨ ਕੇਂਦਰਾਂ ਲਈ ਕੋਲੇ ਦੀ ਉਪਲਬਧਤਾ ਯਕੀਨੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬੰਦ ਪਏ ਯੂਨਿਟਾਂ ਦੇ ਮੁੜ ਚਾਲੂ ਹੋਣ ਅਤੇ ਕੇਂਦਰ ਤੋਂ ਪੰਜਾਬ ਦਾ ਪੂਰਾ ਹਿੱਸਾ ਮਿਲਣ ਨਾਲ ਬਿਜਲੀ ਦੀ ਸਥਿਤੀ ਵਿੱਚ ਸੁਧਾਰ ਆਉਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version