Home ਪੰਜਾਬ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਂਅ

ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਂਅ

0

ਜਲੰਧਰ : ਕੇਂਦਰ ਸਰਕਾਰ ਨੇ ਪੰਜਾਬ ਦੇ ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖ ਦਿੱਤਾ ਹੈ। ਇਸ ਸਬੰਧੀ 12 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ , ਜਿਸ ਦੇ ਨਾਲ ਹੀ ਨਾਮ ਬਦਲਣ ਦੀ ਪ੍ਰਕਿਰਿਆ ਪੂਰੀ ਹੋ ਗਈ । ਇਸ ਇਤਿਹਾਸਕ ਨਾਮਕਰਨ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਪਰਵ ਦੇ ਸ਼ੁਭ ਮੌਕੇ ‘ਤੇ ਕੀਤਾ । ਇਸ ਮੌਕੇ ਉਨ੍ਹਾਂ ਨਵੀਂ ਨਾਮ ਤਖ਼ਤੀ ਤੋਂ ਪਰਦਾ ਹਟਾ ਕੇ ਗੁਰੂ ਰਵਿਦਾਸ ਜੀ ਦੇ ਸਮਾਜਿਕ ਯੋਗਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ।

ਕੇਂਦਰ ਸਰਕਾਰ ਦਾ ਇਹ ਫ਼ੈਸਲਾ ਧਾਰਮਿਕ ਭਾਵਨਾਵਾਂ ਅਤੇ ਦੁਆਬਾ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਸਮੁੱਚੇ ਦੁਆਬਾ ਖੇਤਰ ਲਈ ਆਦਮਪੁਰ ਹਵਾਈ ਅੱਡਾ ਲੰਬੇ ਸਮੇਂ ਤੋਂ ਹਵਾਈ ਸੇਵਾਵਾਂ ਦਾ ਪ੍ਰਮੁੱਖ ਕੇਂਦਰ ਰਿਹਾ ਹੈ। ਹੁਣ ਇਹ ਹਵਾਈ ਅੱਡਾ ਸਮਾਜਿਕ ਬਰਾਬਰੀ ਅਤੇ ਮਾਨਵਤਾ ਦੇ ਸੰਦੇਸ਼ ਦੇ ਪ੍ਰਤੀਕ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਜਾਣਿਆ ਜਾਵੇਗਾ।

ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਇਸ ਫ਼ੈਸਲੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਨਾਮ ਬਦਲਣ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਹੀ ਨਹੀਂ ਬਲਕਿ ਦੇਸ਼-ਵਿਦੇਸ਼ ਵਿੱਚ ਵਸਦੇ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਸਥਾਨਕ ਲੋਕਾਂ ਦੇ ਨਾਲ-ਨਾਲ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈ.) ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਤਿਹਾਸਕ ਅਤੇ ਸਨਮਾਨਯੋਗ ਕਦਮ ਦੱਸਿਆ ਹੈ। ਖਾਸ ਕਰਕੇ ਦੋਆਬਾ ਖੇਤਰ ਵਿੱਚ ਇਸ ਫ਼ੈੈਸਲੇ ਨੂੰ ਸੱਭਿਆਚਾਰਕ ਪਛਾਣ ਅਤੇ ਮਾਣ ਨਾਲ ਜੋੜਿਆ ਜਾ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

NO COMMENTS

LEAVE A REPLY

Please enter your comment!
Please enter your name here

Exit mobile version