ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੁੱਚੀ ਸਿੱਖ ਕੌਮ, ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਹਨ।
ਆਪਣੇ ਸੰਦੇਸ਼ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਲ 1604 ਈਸਵੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵੱਲੋਂ ਸ੍ਰੀ ਰਾਮਸਰ ਸਾਹਿਬ ਦੇ ਕੰਢੇ ਭਾਈ ਗੁਰਦਾਸ ਜੀ ਪਾਸੋਂ ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਲਿਖਵਾਇਆ ਗਿਆ ਸੀ। ਇਸ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਉਨ੍ਹਾਂ ਵੱਲੋਂ ਹੀ ਪਹਿਲਾ ਮੁੱਖ ਵਾਕ ਲਿਆ ਗਿਆ ਸੀ। ਇਹ ਇਤਿਹਾਸਕ ਦਿਹਾੜਾ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਵੀ ਬਹੁਤ ਮਹੱਤਵ ਰੱਖਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਲਾਹੀ ਗਿਆਨ ਦਾ ਮਹਾਨ ਭੰਡਾਰ ਹਨ, ਜੋ ਸਮੁੱਚੀ ਮਾਨਵਤਾ ਨੂੰ ਸਹੀ ਜੀਵਨ ਜਿਊਣ ਦਾ ਮਾਰਗ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੀਆਂ ਮੁਸ਼ਕਿਲਾਂ ਵਿੱਚ ਸਹੀ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ ਅਤੇ ਮਨੁੱਖ ਨੂੰ ਸੱਚਾਈ ਤੇ ਸਹੀ ਜੀਵਨ ਮਾਰਗ ਨਾਲ ਜੋੜਦੀ ਹੈ।
ਉਨ੍ਹਾਂ ਗੁਰਬਾਣੀ ਦੀ ਮਹੱਤਤਾ ਬਾਰੇ ਕਿਹਾ ਕਿ “ਗੁਰਬਾਣੀ ਇਸੁ ਜਗ ਮਹਿ ਚਾਨਣੁ” ਦੇ ਸਿਧਾਂਤ ਅਨੁਸਾਰ ਜਦੋਂ ਗੁਰਬਾਣੀ ਮਨੁੱਖ ਦੇ ਮਨ ਅੰਦਰ ਵੱਸਦੀ ਹੈ ਅਤੇ ਮਨੁੱਖ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਦਾ ਹੈ ਤਾਂ ਉਸ ਨੂੰ ਜੀਵਨ ਦੀਆਂ ਮੁਸ਼ਕਿਲਾਂ ਵਿੱਚ ਸਹੀ ਦਿਸ਼ਾ ਅਤੇ ਮਾਰਗਦਰਸ਼ਨ ਪ੍ਰਾਪਤ ਹੁੰਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣ ਦਾ ਸੰਕਲਪ ਲਿਆ ਜਾਵੇ।
ਅੰਤ ਵਿੱਚ ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੀ ਮਾਨਵਤਾ ਆਪਣੀਆਂ ਮੁਸ਼ਕਿਲਾਂ ਦੇ ਹੱਲ ਅਤੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਪ੍ਰਾਪਤ ਕਰੇ ਅਤੇ ਗੁਰੂ ਸਾਹਿਬ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਵੇ।












