ਨਵੀਂ ਦਿੱਲੀ: ਜਸਟਿਸ ਸੂਰਿਆ ਕਾਂਤ ਨੇ ਅੱਜ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਖੇ ਇੱਕ ਸੰਖੇਪ ਸਮਾਰੋਹ ਵਿੱਚ ਜਸਟਿਸ ਸੂਰਿਆ ਕਾਂਤ (Justice Surya Kant) ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਹਿੰਦੀ ਵਿੱਚ ਸਹੁੰ ਚੁੱਕੀ। ਜਸਟਿਸ ਸੂਰਿਆ ਕਾਂਤ ਨੂੰ ਜਸਟਿਸ ਬੀ.ਆਰ. ਗਵਈ ਦੀ ਥਾਂ ਨਿਆਂਪਾਲਿਕਾ ਦੇ ਸਭ ਤੋਂ ਉੱਚੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।
ਜਸਟਿਸ ਗਵਈ ਬੀਤੇ ਦਿਨ ਸੇਵਾਮੁਕਤ ਹੋਏ। ਜਸਟਿਸ ਸੂਰਿਆ ਕਾਂਤ ਨੂੰ 30 ਅਕਤੂਬਰ ਨੂੰ ਅਗਲੇ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਲਗਭਗ 15 ਮਹੀਨਿਆਂ ਲਈ ਇਸ ਅਹੁਦੇ ‘ਤੇ ਰਹਿਣਗੇ। ਉਹ 9 ਫਰਵਰੀ, 2027 ਨੂੰ 65 ਸਾਲ ਦੀ ਉਮਰ ਪੂਰੀ ਕਰਨ ‘ਤੇ ਆਪਣਾ ਅਹੁਦਾ ਛੱਡ ਦੇਣਗੇ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ (Vice President C.P. Radhakrishnan) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ ਕਈ ਸੀਨੀਅਰ ਨੇਤਾ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
